ਵੱਡੀ ਖ਼ਬਰ ! ਡੱਲੇਵਾਲ ਮਾਮਲੇ ਦੀ ਸੁਣਵਾਈ ਟਲੀ, SC ਦੀ ਕਮੇਟੀ ਜਾਵੇਗੀ ਖਨੌਰੀ, ਹਾਂ ਪੱਖੀ ਨਤੀਜਾ ਨਿਕਲਣ ਦੀ ਉਮੀਦ
ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ (6 ਜਨਵਰੀ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਜਿਸ ਵਿੱਚ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ।
Punjab News: ਸੁਪਰੀਮ ਕੋਰਟ ਵਿੱਚ ਹੋਣ ਵਾਲੀ ਜਗਜੀਤ ਸਿੰਘ ਡੱਲੇਵਾਲ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਇਹ ਸੁਣਵਾਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੀ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਕਰਕੇ ਟਾਲੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸ਼ੁੱਕਰਵਾਰ ਨੂੰ ਹੋਵੇਗੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਕਿਸਾਨਾਂ ਨਾਲ ਕਮੇਟੀ ਨਾਲ ਮੀਟਿੰਗ ਕਰਨ ਲਈ ਮਨਾਇਆ ਗਿਆ ਹੈ, ਤੇ ਇਸ ਤੋਂ ਹਾਂ ਪੱਖੀ ਨਤੀਜਾ ਨਿਕਲਣ ਦੀ ਉਮੀਦ ਹੈ।
ਜ਼ਿਕਰ ਕਰ ਦਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ (6 ਜਨਵਰੀ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਜਿਸ ਵਿੱਚ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ।
ਉਨ੍ਹਾਂ ਕਿਹਾ ਕਿ ਅਸੀਂ ਅੰਦੋਲਨਕਾਰੀ ਕਿਸਾਨਾਂ ਨੂੰ ਅਦਾਲਤ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ। ਉਮੀਦ ਹੈ ਕਿ ਇਸ ਮਾਮਲੇ 'ਚ ਕੁਝ ਸਕਾਰਾਤਮਕ ਸਾਹਮਣੇ ਆਵੇਗਾ, ਸਿੱਬਲ ਨੇ ਇਸ ਮਾਮਲੇ 'ਤੇ ਕੁਝ ਸਮੇਂ ਬਾਅਦ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਜਿਸ 'ਤੇ ਅਦਾਲਤ ਨੇ ਇਸ ਦੀ ਸੁਣਵਾਈ ਸ਼ੁੱਕਰਵਾਰ (10 ਜਨਵਰੀ) ਲਈ ਤੈਅ ਕੀਤੀ ਹੈ।
ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।
ਦੱਸ ਦੇਈਏ ਕਿ ਹਰਿਆਣਾ-ਪੰਜਾਬ ਦੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਪਿਛਲੇ 11 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਇਸ ਸਬੰਧੀ ਦੋ ਕੇਸ ਸੁਪਰੀਮ ਕੋਰਟ ਵਿੱਚ ਚੱਲ ਰਹੇ ਹਨ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਦਾ ਹੈ। ਦੂਜਾ, ਖਨੌਰੀ ਬਾਰਡਰ 'ਤੇ 42 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਨਾ ਕਰਨ 'ਤੇ ਪੰਜਾਬ ਸਰਕਾਰ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਨੂੰ ਇਕੱਠੇ ਰੱਖਣ ਲਈ ਕਿਹਾ ਸੀ।