Hemkunt Sahib Yatra: ਉੱਤਰਾਖੰਡ ਵਿਖੇ ਲਗਪਗ 15000 ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਜਾਣਗੇ ਤੇ ਇਹ ਸਲਾਨਾ ਯਾਤਰਾ ਸਮਾਪਤ ਹੋ ਜਾਵੇਗੀ। ਇਸ ਤੋਂ ਪਹਿਲਾਂ ਅੱਜ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾ ਮੁਕਤ) ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਲਈ ਪੁੱਜ ਰਹੇ ਹਨ।
ਦੱਸ ਦਈਏ ਕਿ ਇਹ ਯਾਤਰਾ 25 ਮਈ ਨੂੰ ਆਰੰਭ ਹੋਈ ਸੀ ਤੇ ਲਗਪਗ ਸਾਢੇ ਚਾਰ ਮਹੀਨੇ ਚੱਲਣ ਤੋਂ ਬਾਅਦ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਦੌਰਾਨ ਦੋ ਲੱਖ ਤੋਂ ਵੱਧ ਯਾਤਰੂ ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਸਮਾਪਤੀ ਸਮਾਗਮ ਦੇ ਸਬੰਧ ਵਿੱਚ ਮੰਗਲਵਾਰ ਨੂੰ ਅਖੰਡ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 10 ਅਕਤੂਬਰ ਨੂੰ ਪੈਣਗੇ।
ਦੁਪਹਿਰ ਦੀ ਅਰਦਾਸ ਮਗਰੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸ਼ੀਤ ਕਾਲ ਵਾਸਤੇ ਸੁਖਾਸਨ ਅਸਥਾਨ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਗੜ੍ਹਵਾਲ ਸਕਾਊਟਸ ਤੇ ਪੰਜਾਬ ਤੋਂ ਬੈਂਡ ਜੱਥੇ ਗੁਰਬਾਣੀ ਦੀਆਂ ਧੁਨਾਂ ਵਜਾਉਂਦੇ ਹੋਏ ਗੁਰਦੁਆਰੇ ਦੀ ਪਰਿਕਰਮਾ ਕਰਨਗੇ।
ਇਹ ਵੀ ਪੜ੍ਹੋ: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਗੁਰਦੁਆਰਾ ਵਿਖੇ ਪੁਣੇ ਤੋਂ ਰਾਗੀ ਜੱਥਾ ਭਾਈ ਸੁਰਿੰਦਰ ਪਾਲ ਸਿੰਘ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਮਾਪਤੀ ਦੀ ਅਰਦਾਸ ਹੋਵੇਗੀ ਤੇ ਸ਼ੀਤ ਕਾਲ ਵਾਸਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਜਾਣਗੇ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਸਾਲਾਨਾ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਅੱਜ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨਗੇ। ਉਹ ਸਵੇਰੇ ਦੇਹਰਾਦੂਨ ਤੋਂ ਹੈਲੀਕਾਪਟਰ ਰਾਹੀਂ ਗੁਰਦੁਆਰਾ ਗੋਬਿੰਦ ਧਾਮ ਨੇੜੇ ਘਾਂਗਰੀਆ ਹੈਲੀਪੈਡ ’ਤੇ ਉਤਰਨਗੇ, ਜਿੱਥੋਂ ਘੋੜੇ ਦੀ ਸਵਾਰੀ ਕਰਦਿਆਂ ਲਗਪਗ 6 ਕਿਲੋਮੀਟਰ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੁੱਜਣਗੇ। ਉਹ 9 ਅਕਤੂਬਰ ਨੂੰ ਦੁਪਹਿਰ ਦੀ 12.45 ਵਜੇ ਹੋਣ ਵਾਲੀ ਅਰਦਾਸ ਵਿੱਚ ਸ਼ਾਮਲ ਹੋਣਗੇ ਤੇ ਲਗਪਗ ਇੱਕ ਘੰਟਾ ਗੁਰਦੁਆਰਾ ਸਾਹਿਬ ਵਿੱਚ ਬਿਤਾਉਣਗੇ।
ਇਹ ਵੀ ਪੜ੍ਹੋ: ਸਾਲ 2023 ਦੀਆਂ 10 ਸਰਵੋਤਮ ਪੁਸਤਕਾਂ ਨੂੰ ਪੁਰਸਕਾਰ ਦੇਣ ਦਾ ਐਲਾਨ, ਵੇਖੋ ਸੂਚੀ
ਟਰਸਟ ਦੇ ਪ੍ਰਧਾਨ ਸ੍ਰੀ ਬਿੰਦਰਾ ਖੁਦ ਵੀ ਰਾਜਪਾਲ ਦੇ ਸਵਾਗਤ ਵਾਸਤੇ ਗੁਰਦੁਆਰਾ ਗੋਬਿੰਦ ਘਾਟ ਪੁੱਜੇ ਹਨ। 10 ਅਕਤੂਬਰ ਨੂੰ ਸਮਾਪਤੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਸਿੱਖ ਸੰਗਤਾਂ ਗੁਰਦੁਆਰਾ ਗੋਬਿੰਦ ਘਾਟ ਪੁੱਜ ਗਈਆਂ ਹਨ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸ਼ੁਰੂਆਤ ਵੇਲੇ ਵੀ ਰਾਜਪਾਲ ਉਚੇਚੇ ਤੌਰ ’ਤੇ ਪੁੱਜੇ ਸਨ।