ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਰਾਹੀਂ ਪਾਕਿਸਤਾਨ ਵਾਲੇ ਪਾਸੇ ਤੋਂ ਡ੍ਰੋਨ ਰਾਹੀਂ ਹੈਰੋਇਨ ਤੇ ਹਥਿਆਰ ਸਮੱਗਲਿੰਗ ਕਰਨ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਫਤੀਸ਼ ਸ਼ੁਰੂ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ।

ਇਸ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਪੁਲਿਸ ਵੱਲੋਂ ਇਸ ਕੇਸ ਵਿੱਚ ਨਾਮਜ਼ਦ ਬਲਕਾਰ ਸਿੰਘ ਵਾਸੀ ਸਰਾਏ ਅਮਾਨਤ ਖਾਨ ਜੋ ਇਸ ਵੇਲੇ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਨਜ਼ਰਬੰਦ ਹੈ, ਬਾਕੀ ਸਾਥੀਆਂ ਧਰਮਿੰਦਰ ਸਿੰਘ, ਅਜੇਪਾਲ ਸਿੰਘ, ਪਰਮਜੀਤ ਸਿੰਘ ਤੇ ਰਾਹੁਲ ਵਾਸੀ ਕਰਨਾਲ ਨਾਲ ਮਿਲ ਕੇ ਪਾਕਿਸਤਾਨ ਤੋਂ ਹੈਰੋਇਨ ਤੇ ਹਥਿਆਰ ਮੰਗਵਾ ਰਿਹਾ ਹੈ।

ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਫਿਲਹਾਲ ਐਫਆਈਆਰ ਦਰਜ ਕੀਤੀ ਹੈ। ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ। ਇਸ ਮਾਮਲੇ ਵਿੱਚ ਹਾਲੇ ਜ਼ਿਆਦਾ ਕੁਝ ਨਹੀਂ ਕਹਿ ਸਕਦੇ ਪਰ ਛੇਤੀ ਹੀ ਪੁਲਿਸ ਇਸ ਸਾਰੇ ਮਾਮਲੇ ਵਿੱਚ ਤਹਿ ਤੱਕ ਜਾਏਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਦੀ ਐਸਟੀਐਫ ਨੇ ਪਾਕਿਸਤਾਨ ਤੋਂ ਕੰਟਰੋਲ ਰਾਹੀਂ ਭੇਜੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਸਨ।