High Court Has Stay On Recruitment Of 5994 ETT Teachers In Punjab : ਹਾਈ ਕੋਰਟ (High Court ) ਨੇ ਪੰਜਾਬ ਵਿੱਚ 5994 ਈਟੀਟੀ ਅਧਿਆਪਕਾਂ (5994 ETT Teachers) ਦੀ ਭਰਤੀ ’ਤੇ ਰੋਕ ਲਾ ਦਿੱਤੀ ਹੈ। ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਹੁਣ ਇਹ ਭਰਤੀ ਨਿਯਮਾਂ 'ਚ ਬਦਲਾਅ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦੇ ਫੈਸਲੇ 'ਤੇ ਨਿਰਭਰ ਕਰੇਗੀ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।


ਇਹ ਹੈ ਪੂਰਾ ਮਾਮਲਾ 


ਪਟੀਸ਼ਨਰ ਪਰਵਿੰਦਰ ਸਿੰਘ ਅਤੇ ਹੋਰਨਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਈਟੀਟੀ ਦੀਆਂ 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਪਟੀਸ਼ਨਕਰਤਾਵਾਂ ਨੇ ਵੀ ਅਰਜ਼ੀ ਦਿੱਤੀ ਸੀ ਕਿਉਂਕਿ ਉਨ੍ਹਾਂ ਨੇ ਇਸ਼ਤਿਹਾਰ ਵਿੱਚ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਸਨ। 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸ ਰੂਲਜ਼ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਗਰੁੱਪ-ਸੀ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਦੀ ਵਾਧੂ ਪ੍ਰੀਖਿਆ ਲਾਜ਼ਮੀ ਕਰ ਦਿੱਤੀ ਗਈ ਹੈ।


12 ਅਕਤੂਬਰ ਨੂੰ ਜਾਰੀ ਇਸ਼ਤਿਹਾਰ 'ਤੇ ਵੀ ਕੀਤਾ ਗਿਆ ਅਮਲ


ਨੋਟੀਫਿਕੇਸ਼ਨ ਜਾਰੀ ਕਰਦਿਆਂ ਰਾਖਵੇਂ ਵਰਗ ਨੂੰ ਕੋਈ ਢਿੱਲ ਨਹੀਂ ਦਿੱਤੀ ਗਈ। ਇਸ ਤੋਂ ਬਾਅਦ 1 ਦਸੰਬਰ 2022 ਨੂੰ ਇੱਕ ਸ਼ੁਧਤਾ ਪੱਤਰ ਜਾਰੀ ਕੀਤਾ ਗਿਆ, ਜਿਸ ਤਹਿਤ ਈਟੀਟੀ ਦੀਆਂ 5994 ਅਸਾਮੀਆਂ ਭਰਨ ਲਈ 12 ਅਕਤੂਬਰ ਨੂੰ ਜਾਰੀ ਇਸ਼ਤਿਹਾਰ 'ਤੇ ਵੀ ਅਮਲ ਕੀਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਕਿਸੇ ਵੀ ਪਹਿਲਾਂ ਜਾਰੀ ਕੀਤੀ ਗਈ ਭਰਤੀ 'ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੀ ਸਥਿਤੀ ਵਿੱਚ ਇਸ ਸ਼ੁਧਤਾ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਜਾਣ ਅਤੇ ਭਰਤੀ ਪ੍ਰਕਿਰਿਆ ਨੂੰ ਰੋਕਿਆ ਜਾਵੇ।


ਚੁਣੇ ਹੋਏ ਬਿਨੈਕਾਰਾਂ ਦੀ ਨਿਯੁਕਤੀ ਅਜੇ ਹੈ ਬਾਕੀ


ਹਾਈਕੋਰਟ ਨੇ ਕਿਹਾ ਕਿ ਇਸ ਪਟੀਸ਼ਨ 'ਚ ਭਰਤੀ ਨੂੰ ਚੁਣੌਤੀ ਦੇਣ ਦਾ ਸਭ ਤੋਂ ਮਹੱਤਵਪੂਰਨ ਆਧਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਪ੍ਰਕਿਰਿਆ 'ਚ ਬਦਲਾਅ ਹੈ। ਇਹ ਮੁੱਦਾ ਤੇਜ ਪ੍ਰਕਾਸ਼ ਬਨਾਮ ਰਾਜਸਥਾਨ ਸਰਕਾਰ ਕੇਸ ਦੇ ਰੂਪ ਵਿੱਚ ਸੁਪਰੀਮ ਕੋਰਟ ਵਿੱਚ ਪਹੁੰਚਿਆ। ਇਹ ਮਾਮਲਾ ਸੰਵਿਧਾਨਕ ਬੈਂਚ ਕੋਲ ਭੇਜਿਆ ਗਿਆ ਸੀ, ਜਿਸ ਨੇ ਇਸ ਵਿਸ਼ੇ 'ਤੇ ਆਪਣਾ ਫੈਸਲਾ 18 ਜੁਲਾਈ, 2023 ਲਈ ਸੁਰੱਖਿਅਤ ਰੱਖ ਲਿਆ ਹੈ। ਹਾਈਕੋਰਟ ਨੇ ਕਿਹਾ ਕਿ ਸਾਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਫਿਲਹਾਲ ਇਹ ਭਰਤੀ ਅੰਤਿਮ ਪੜਾਅ 'ਤੇ ਹੈ ਅਤੇ ਚੁਣੇ ਗਏ ਬਿਨੈਕਾਰਾਂ ਦੀ ਨਿਯੁਕਤੀ ਹੋਣੀ ਬਾਕੀ ਹੈ।