Punjab News: ਬਰਖਾਸਤ AIG ਰਾਜਜੀਤ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਖੜ੍ਹੇ ਕੀਤੇ ਸਵਾਲ, ਕੀਤਾ ਇਹ ਕੁਮੈਂਟ
Punjab drugs case: ਡਰੱਗ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਨਾਮ ਆਉਣ ਤੋਂ ਬਾਅਦ ਸਾਬਕਾ ਪੁਲਿਸ ਅਫ਼ਸਰ ਰਾਜਜੀਤ ਸਿੰਘ ਹੁੰਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ : ਡਰੱਗ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਨਾਮ ਆਉਣ ਤੋਂ ਬਾਅਦ ਸਾਬਕਾ ਪੁਲਿਸ ਅਫ਼ਸਰ ਰਾਜਜੀਤ ਸਿੰਘ ਹੁੰਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਉਂ ਨਹੀਂ ਸਿੱਧੇ-ਸਿੱਧੇ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕਰ ਦਿੱਤੀ ਜਾਂਦੀ।
ਪਟੀਸ਼ਨ ਦਾਖ਼ਲ ਕਰਦੇ ਹੋਏ ਰਾਜਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਨੂੰ ਬਰਖ਼ਾਸਤ ਕਰਨ ਦਾ ਆਦੇਸ਼ ਵੀ ਨਿਯਮਾਂ ਨੂੰ ਛਿੱਕੇ ਟੰਗ ਕੇ ਜਾਰੀ ਕੀਤਾ ਗਿਆ ਹੈ। ਪਟੀਸ਼ਨਕਰਤਾ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਅਤੇ ਉਸ ਦੇ ਖ਼ਿਲਾਫ਼ ਲੁਕ ਆਊਟ ਨੋਟਿਸ ਵੀ ਤੈਅ ਪ੍ਰਕਿਰਿਆ ਦੇ ਖ਼ਿਲਾਫ਼ ਜਾਰੀ ਕੀਤਾ ਗਿਆ ਹੈ।
ਪੰਜਾਬ ਹਰਿਆਣਾ ਹਾਈਕੋਰਟ ਨੇ ਸੂਬੇ ਵਿੱਚ ਨਸ਼ੇ ਸਬੰਧੀ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਦੀਆਂ 4 ਰਿਪੋਰਟਾਂ ਹਾਈਕੋਰਟ ਵਿੱਚ ਪਿਛਲੇ ਕਈ ਸਾਲਾਂ ਤੋਂ ਬੰਦ ਲਿਫਾਫੇ ਵਿੱਚ ਪਈਆਂ ਸਨ। ਜਿਸ ਤੋਂ ਬਾਅਦ ਇਸ ਸਾਲ 29 ਮਾਰਚ ਮਹੀਨੇ ਹਾਈਕੋਰਟ ਨੇ ਚਾਰਾਂ ਵਿੱਚੋਂ ਤਿੰਨ ਫਾਈਲਾਂ 'ਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। 5 ਅਪ੍ਰੈਲ ਨੂੰ ਇਹ ਤਿੰਨ ਫਾਈਲਾਂ ਪੰਜਾਬ ਸਰਕਾਰ ਕੋਲ ਪਹੁੰਚੀਆਂ ਸਨ। ਜਿਸ 'ਤੇ ਪਹਿਲੀ ਕਾਰਵਾਈ ਏਆਈਜੀ ਰਾਜਜੀਤ ਸਿੰਘ ਨੂੰ ਬਰਖਾਸਤ ਕੀਤਾ ਗਿਆ ਅਤੇ ਉਸ ਖਿਲਾਫ਼ ਵਿਜੀਲੈਂਸ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਸਰਕਾਰ ਦੇ ਇਸ ਐਕਸ਼ਨ ਤੋਂ ਬਾਅਦ ਰਾਜਜੀਤ ਸਿੰਘ ਲਗਾਤਾਰ ਫਰਾਰ ਚੱਲ ਰਿਹਾ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਐੱਸਟੀਐੱਫ ਨੂੰ ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦਾ ਥਹੁ-ਪਤਾ ਲਗਾਉਣ ’ਚ ਕੋਈ ਵੀ ਕਾਮਯਾਬੀ ਨਹੀਂ ਮਿਲੀ ਹੈ। ਸਾਬਕਾ ਐੱਸਐੱਸਪੀ ਦੀ ਤਲਾਸ਼ ’ਚ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇ ਮਾਰੇ ਗਏ ਪਰ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹੀ ਹਨ।
ਐੱਸਟੀਐੱਫ (STF) ਨੇ ਮੋਹਾਲੀ ਦੀ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਤੋਂ ਬਾਅਦ ਰਾਜਜੀਤ ਸਿੰਘ ਨੂੰ ਅਦਾਲਤ ਵਿੱਚ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਰਾਜਜੀਤ ਸਿੰਘ ਐੱਸਐੱਚਓ ਤੋਂ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਅਹੁਦੇ ਤੱਕ ਰਿਹਾ ਹੈ ਜਿਸ ਕਰਕੇ ਪੁਲਿਸ ਤੋਂ ਕਿਵੇਂ ਬਚਾਅ ਕਰਨਾ ਹੈ, ਇਸ ਗੱਲ ਬਾਰੇ ਉਸ ਨੂੰ ਪੂਰੀ ਜਾਣਕਾਰੀ ਹੈ
ਰਾਜਜੀਤ ਸਿੰਘ ਨੂੰ ਐੱਸਟੀਐੱਫ ਦੇ ਤਤਕਾਲੀ ਮੁਖੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਇੰਸਪੈਕਟਰ (ਬਰਖਾਸਤ) ਇੰਦਰਜੀਤ ਸਿੰਘ ਵਿਰੁੱਧ ਨਸ਼ਿਆਂ ਦੀ ਤਸਕਰੀ ਦੇ ਦਰਜ ਮਾਮਲੇ ਵਿੱਚ ਵੀ ਨਾਮਜ਼ਦ ਕੀਤਾ ਗਿਆ ਹੈ। ਸਿਟ ਦੀਆਂ ਰਿਪੋਰਟਾਂ ਮੁਤਾਬਕ ਬੇਕਸੂਰ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਿੱਚ ਫਸਾ ਕੇ ਫਿਰੌਤੀਆਂ ਵਸੂਲੀਆਂ ਜਾਂਦੀਆਂ ਸਨ। ਸਿਟ ਵੱਲੋਂ ਰਾਜਜੀਤ ਸਿੰਘ ਤੋਂ ਬਿਨਾਂ ਕਿਸੇ ਹੋਰ ਪੁਲਿਸ ਅਧਿਕਾਰੀ ਦੇ ਨਾਮ ਦਾ ਹਵਾਲਾ ਆਪਣੀਆਂ ਰਿਪੋਰਟਾਂ ਵਿੱਚ ਨਹੀਂ ਦਿੱਤਾ ਗਿਆ ਹੈ ਪਰ ਇਹ ਜ਼ਰੂਰ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਦੀ ਜ਼ਰੂਰਤ ਹੈ। ਡਰੱਗ ਮਾਮਲੇ 'ਚ ਨਾਮਜ਼ਦ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਖਿਲਾਫ ਐਲਓਸੀ ਜਾਰੀ ਕੀਤਾ ਹੋਇਆ ਹੈ।