ਚੰਡੀਗੜ੍ਹ: ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਨੇ ਤਲਬ ਕਰ ਲਿਆ ਹੈ। ਪੰਜਾਬ ਸਰਕਾਰ ਦੀ ਅਰਜ਼ੀ 'ਤੇ ਅਦਾਲਤ ਨੇ ਉਮਰਾਨੰਗਲ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ।


ਦਰਅਸਲ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਉਮਰਾਨੰਗਲ ਤੋਂ ਪੁੱਛ-ਪੜਤਾਲ ਕਰਨ ਲਈ ਸੱਤ ਦਿਨਾਂ ਦਾ ਅਗਾਊਂ ਨੋਟਿਸ ਦੇਣ ਦੀ ਹਦਾਇਤ ਦਿੱਤੀ ਸੀ। ਸਰਕਾਰ ਨੇ ਇਸ ਨੂੰ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਆਪਣੇ ਇਸ ਫੈਸਲੇ ਤੋਂ ਕਰੀਬ 10 ਦਿਨ ਬਾਅਦ ਉਮਰਾਨੰਗਲ ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਨੋਟਿਸ ਪੰਜਾਬ ਸਰਕਾਰ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਨੂੰ ਉਸ ਦਾ ਪਿਛਲਾ ਹੁਕਮ ਵਾਪਸ ਲੈਣ ਲਈ ਪਾਈ ਅਰਜ਼ੀ ’ਤੇ ਸੁਣਵਾਈ ਤੋਂ ਬਾਅਦ ਜਸਟਿਸ ਰਾਮਿੰਦਰ ਜੈਨ ਵਲੋਂ ਜਾਰੀ ਕੀਤਾ ਗਿਆ ਹੈ।

ਪੰਜਾਬ ਦੀ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਨੇ ਆਖਿਆ ਕਿ ਇਸ ਮਾਮਲੇ ਵਿਚ ਸਰਕਾਰ ਦਾ ਪੱਖ ਸੁਣਿਆ ਜਾਣਾ ਚਾਹੀਦਾ ਸੀ। ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕੁਝ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।