(Source: ECI/ABP News/ABP Majha)
Punjab News: DSP ਗੁਰਸ਼ੇਰ ਸਿੰਘ ਵਧੀਆਂ ਮੁਸੀਬਤਾਂ, ਹਾਈਕੋਰਟ ਨੇ DGP ਨੂੰ ਕਾਰਵਾਈ ਕਰਨ ਦੇ ਦਿੱਤੇ ਹੁਕਮ, ਗੈਂਗਸਟਰ ਨਾਲ ਜੁੜੇ ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਅਦਾਲਤ ਨੇ ਡੀਜੀਪੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੀਐਸਪੀ ਗੁਰਸ਼ੇਰ ਸਿੰਘ ਤੇ ਜਾਂਚ ਵਿੱਚ ਸ਼ਾਮਲ ਹੋਰ ਅਧਿਕਾਰੀਆਂ ਖ਼ਿਲਾਫ਼ ਠੋਸ ਅਤੇ ਪ੍ਰਭਾਵੀ ਕਾਰਵਾਈ ਕੀਤੀ ਜਾਵੇ। ਜਾਣੋ ਕੀ ਹੈ ਪੂਰਾ ਮਾਮਲਾ ਜਿਸ ਕਰਕੇ ਹਾਈਕੋਰਟ ਨੇ ਸਖ਼ਤ ਆਦੇਸ਼ ਦਿੱਤੇ ਹਨ।
Punjab News: ਕੁਝ ਦਿਨ ਪਹਿਲਾਂ ਤੱਕ ਮੋਹਾਲੀ (Mohali) 'ਚ ਸਪੈਸ਼ਲ ਸੈੱਲ 'ਚ ਤਾਇਨਾਤ ਰਹੇ ਡੀ.ਐੱਸ.ਪੀ ਗੁਰਸ਼ੇਰ ਸਿੰਘ (Dsp gursher singh) ਦਾ ਤਬਾਦਲਾ ਅੰਮ੍ਰਿਤਸਰ (Amritsar) ਹੋਣ ਤੋਂ ਬਾਅਦ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲੱਕੀ ਪਟਿਆਲ ਵੱਲੋਂ ਮੁਹਾਲੀ ਦੇ ਇੱਕ ਵਸਨੀਕ ਨੂੰ ਧਮਕੀ ਭਰੀ ਫ਼ੋਨ ਕਰਨ ਦੇ ਮਾਮਲੇ ਦੀ ਜਾਂਚ ਵਿੱਚ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਡੀ.ਜੀ.ਪੀ. ਪੰਜਾਬ (DGP) ਨੂੰ ਕਾਰਵਾਈ ਕਰਨ ਲਈ ਕਿਹਾ ਹੈ।
ਹਾਈਕੋਰਟ ਨੇ ਪਟੀਸ਼ਨਰ ਵੱਲੋਂ ਕੁਝ ਦਸਤਾਵੇਜ਼ ਪੇਸ਼ ਕੀਤੇ ਜਾਣ ਤੋਂ ਬਾਅਦ ਹੁਕਮ ਜਾਰੀ ਕੀਤੇ ਹਨ। ਦਸਤਾਵੇਜ਼ਾਂ ਤੋਂ ਪਤਾ ਲੱਗਦਾ ਹੈ ਕਿ ਸ਼ਿਕਾਇਤਕਰਤਾ ਪਟੀਸ਼ਨਰ ਨੇ ਡੀਐਸਪੀ ਨੂੰ ਕਾਲ ਕੀਤੀ ਸੀ, ਪਰ ਉਸ ਨੇ ਉਨ੍ਹਾਂ ਦਾ ਜਵਾਬ ਨਹੀਂ ਦਿੱਤਾ। ਅਦਾਲਤ ਨੇ ਡੀਜੀਪੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੀਐਸਪੀ ਗੁਰਸ਼ੇਰ ਸਿੰਘ ਤੇ ਜਾਂਚ ਵਿੱਚ ਸ਼ਾਮਲ ਹੋਰ ਅਧਿਕਾਰੀਆਂ ਖ਼ਿਲਾਫ਼ ਠੋਸ ਅਤੇ ਪ੍ਰਭਾਵੀ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਕਿਹਾ ਹੈ ਕਿ ਅਜਿਹੀ ਕਾਰਵਾਈ ਦੀ ਰਿਪੋਰਟ ਅੱਜ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਰਜਿਸਟਰਾਰ ਜੁਡੀਸ਼ੀਅਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਜਾਵੇ। ਜਸਟਿਸ ਸੰਦੀਪ ਮੌਦਗਿਲ ਨੇ ਹਾਈ ਕੋਰਟ ਦੇ ਰਜਿਸਟਰਾਰ (ਜੁਡੀਸ਼ੀਅਲ) ਨੂੰ ਪੰਜਾਬ ਪੁਲੀਸ ਵੱਲੋਂ ਦਾਇਰ ਰਿਪੋਰਟ ਨੂੰ ਰਿਕਾਰਡ ’ਤੇ ਰੱਖਣ ਲਈ ਕਿਹਾ ਹੈ।
ਜ਼ਿਕਰ ਕਰ ਦਈਏ ਕਿ ਮੋਹਾਲੀ ਪੁਲਿਸ ਨੇ 13 ਅਗਸਤ ਨੂੰ ਤਾਜ਼ਾ ਸਟੇਟਸ ਰਿਪੋਰਟ ਦਾਇਰ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਕਿ 8 ਅਗਸਤ ਨੂੰ ਡੀਐਸਪੀ ਸੰਧੂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਉਸ ਵਿਰੁੱਧ ਵਿਭਾਗੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਪੁਲਿਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਸੀ ਕਿ ਸੰਧੂ ਦਾ ਪੰਜਾਬ ਆਰਮਡ ਪੁਲਿਸ (P.A.P), ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆਹੈ। ਹੁਣ ਉਹ ਮਾਮਲੇ ਦੀ ਜਾਂਚ ਨਾਲ ਨਹੀਂ ਜੁੜੇ ਹਨ।
ਇਸ ਦੇ ਜਵਾਬ ਵਿੱਚ ਅਦਾਲਤ ਨੇ ਕਿਹਾ ਕਿ ਜਾਪਦਾ ਹੈ ਕਿ ਸਥਿਤੀ ਸਪੱਸ਼ਟ ਕਰਨ ਤੇ ਅਦਾਲਤ ਨੂੰ ਸੰਤੁਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਡੀਐਸਪੀ ਸੰਧੂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ, ਪਰ ਨਾ ਤਾਂ ਕਾਰਨ ਦੱਸੋ ਨੋਟਿਸ ਰਿਕਾਰਡ 'ਤੇ ਰੱਖਿਆ ਗਿਆ ਅਤੇ ਨਾ ਹੀ ਸਪੱਸ਼ਟ ਤੌਰ 'ਤੇ ਦੱਸਿਆ ਗਿਆ ਹੈ ਕਿ ਆਧਾਰ ਉੱਤੇ ਕਿਹੜੀ ਕਾਰਵਾਈ ਕੀਤੀ ਗਈ ਹੈ।