ਲੁਧਿਆਣਾ: ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਰਹੇ ਸਿਮਰਜੀਤ ਬੈਂਸ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਦੱਸ ਦਈਏ ਕਿ ਸਿਮਰਜੀਤ ਬੈਂਸ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਭਗੌੜੇ ਦੇ ਨੋਟਿਸ ਨੂੰ ਲੈ ਕੇ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਿਮਰਜੀਤ ਬੈਂਸ ਨੇ ਜ਼ਮਾਨਤ ਦੀ ਮੰਗ ਵੀ ਕੀਤੀ ਸੀ ਅਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਗੱਲ ਕਹੀ ਸੀ।
ਪਰ ਹੁਣ ਅਦਾਲਤ ਨੇ ਸਿਮਰਜੀਤ ਬੈਂਸ ਦੀ ਅਪੀਲ ਨੂੰ ਰੱਦ ਕਰਦਿਆਂ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਉਧਰ ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਹੁਣ ਸਿਆਸਤ ਵੀ ਗਰਮਾਉਣ ਲੱਗੀ ਹੈ। ਦੱਸ ਦਈਏ ਕਿ ਸਿਮਰਜੀਤ ਬੈਂਸ ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਪੀੜਤਾ ਨੇ ਕਿਹਾ ਕਿ ਉਸ ਨੂੰ ਅਦਾਲਤ ਤੋਂ ਹੀ ਇਨਸਾਫ਼ ਦੀ ਉਮੀਦ ਹੈ।
ਪੀੜਤਾ ਦਾ ਕਹਿਣਾ ਹੈ ਕਿ ਉਹ ਆਪਣੀ ਫੈਕਟਰੀ 'ਚ ਲੁਕਿਆ ਬੈਠਾ ਹੈ ਪਰ ਪੁਲਿਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ। ਇਸ ਦੇ ਨਾਲ ਹੀ ਪੀੜਤਾ ਨੇ ਆਮ ਆਦਮੀ ਪਾਰਟੀ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਬੈਂਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪੰਜਾਬ ਪੁਲੀਸ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਪੁਲਿਸ ਬਿਲਕੁਲ ਨਿਕੰਮੀ ਹੈ।
ਉਧਰ ਇਸ ਪੂਰੇ ਮਾਮਲੇ ਨੂੰ ਲੈ ਕੇ ਸਿਆਸਤ ਵੀ ਗਰਮਾਉਣ ਲੱਗੀ ਹੈ ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਪੁਲਿਸ ਨੂੰ ਬੈਂਸ ਨੂੰ ਤੁਰੰਤ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੁਧਿਆਣਾ ਦਾ ਮੰਤਰੀ ਉਸ ਨੂੰ ਬਚਾਉਂਦਾ ਰਿਹਾ ਅਤੇ ਹੁਣ ਪਤਾ ਨਹੀਂ ਆਮ ਆਦਮੀ ਪਾਰਟੀ ਉਸ ਲਈ ਆਪਣਾ ਫਰਜ਼ ਨਿਭਾ ਰਹੀ ਹੈ।
ਜਦਕਿ ਦੂਜੇ ਪਾਸੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਕਿ ਮਾਮਲਾ ਅਦਾਲਤ ਦਾ ਹੈ ਇਸ 'ਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਅਦਾਲਤ ਨੇ ਜੋ ਵੀ ਹੁਕਮ ਜਾਰੀ ਕੀਤੇ ਹਨ ਪ੍ਰਸ਼ਾਸਨ ਨੂੰ ਉਨ੍ਹਾਂ ਹੁਕਮਾਂ ਨੂੰ ਲਾਗੂ ਕਰਨਾ ਚਾਹੀਦਾ ਹੈ।
ਇਸ ਸਬੰਧੀ ਜਦੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਲੁੱਕ ਅਉਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕੋਈ ਜਾਣਕਾਰੀ ਨਹੀਂ ਕੇ ਬੈਂਸ ਬਾਹਰ ਹੈ। ਪਰ ਪੁਲਿਸ ਲਗਾਤਾਰ ਇਸ 'ਤੇ ਕੰਮ ਕਰ ਰਹੀ ਹੈ।