ਚੰਡੀਗੜ੍ਹ: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਗਰੋਂ ਲਾਰੈਂਸ ਬਿਸ਼ਨੋਈ (Lawrence Bishnoi) ਨੇ ਆਪਣੀ ਸੁਰੱਖਿਆ ਵਧਾਉਣ ਲਈ ਅੱਜ ਪੰਜਾਬ ਹਰਿਆਣਾ ਹਾਈਕੋਰਟ (Punjab & Haryana High Court) ਦਾ ਰੁਖ ਕੀਤਾ। ਪਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਇਹ ਪਟੀਸ਼ਨ ਦਿੱਲੀ ਹਾਈ ਕੋਰਟ (Delhi High Court) 'ਚ ਦਾਇਰ ਕੀਤੀ ਗਈ ਸੀ।ਹਾਲਾਂਕਿ ਬਾਅਦ ਵਿੱਚ ਉਸਨੇ ਇਸ ਪਟੀਸ਼ਨ ਨੂੰ ਵਾਪਸ ਲੈ ਲਿਆ।
ਇਸ ਪਟੀਸ਼ਨ 'ਚ ਅਪੀਲ ਕੀਤੀ ਗਈ ਸੀ ਕਿ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਪੰਜਾਬ ਪੁਲਿਸ ਨੂੰ ਨਾ ਦਿੱਤੀ ਜਾਵੇ। ਪਟੀਸ਼ਨ ਵਿੱਚ ਉਸ ਨੇ ਮੰਗ ਕੀਤੀ ਸੀ ਕਿ ਉਸ ਨੂੰ ਸੁਰੱਖਿਆ ਦਿੱਤੀ ਜਾਵੇ ਅਤੇ ਪੰਜਾਬ ਪੁਲੀਸ ਦੇ ਹਵਾਲੇ ਨਾ ਕੀਤਾ ਜਾਵੇ।ਉਸਨੂੰ ਡਰ ਹੈ ਕਿ ਪੰਜਾਬ ਪੁਲੀਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ।
ਦਰਅਸਲ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਨੇ ਦਾਅਵਾ ਕੀਤਾ ਸੀ ਕਿ ਇਸ ਕਤਲੇਆਮ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ ਹੈ। ਕੈਨੇਡਾ 'ਚ ਮੌਜੂਦ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਲੱਕੀ ਉਰਫ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹੀ ਕਾਰਨ ਹੈ ਕਿ ਡੀਜੀਪੀ ਵੀਕੇ ਭਵਰਾ ਦੇ ਇਸ ਦਾਅਵੇ ਤੋਂ ਬਾਅਦ ਉਨ੍ਹਾਂ ਨੂੰ ਐਨਕਾਊਂਟਰ ਦਾ ਡਰ ਸਤਾਉਣ ਲੱਗ ਪਿਆ ਹੈ। ਇਸ ਲਈ ਬਿਸ਼ਨੋਈ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜ਼ਿਕਰਯੋਗ ਹੈ ਕਿ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਪੁਲਿਸ ਦੀ ਟੀਮ ਨੇ ਲਾਰੇਂਸ ਬਿਸ਼ਨੋਈ ਨੂੰ 5 ਦਿਨ ਦੇ ਰਿਮਾਂਡ 'ਤੇ ਲਿਆ ਹੈ। ਇਸ ਦੌਰਾਨ ਪੁਲਿਸ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਉੱਥੇ ਹੀ ਲਾਰੈਂਸ ਦੇ ਦੋ ਸਾਥੀਆਂ ਨੂੰ ਪੰਜਾਬ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ।
ਬੀਤੇ ਐਤਵਾਰ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਅੰਨੇਵਾਹ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।ਸਿੱਧੂ ਆਪਣੀ ਥਾਰ ਵਿੱਚ ਸਵਾਰ ਸੀ।ਇਸ ਘਟਨਾ ਤੋਂ ਠੀਕ 1 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਕੀਤੀ ਸੀ।