Municipal Elections 2024: ਇਸ ਸਮੇਂ ਪੰਜਾਬ ਦੇ ਵਿੱਚ ਚੋਣਾਂ ਨੂੰ ਲੈ ਕੇ ਮਾਹੌਲ ਗਰਮ ਹੋਇਆ ਪਿਆ ਹੈ। ਪੰਜਾਬ ਦੇ ਵਿੱਚ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਅੱਜ ਨਾਮਜ਼ਦਗੀ ਦਾ ਆਖਰੀ ਦਿਨ ਸੀ। ਇਸ ਦੀ ਵੋਟਿੰਗ 21 ਦਸੰਬਰ ਨੂੰ ਹੋਵੇਗੀ। ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਦੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਹਨ।
ਸਾਰੀ ਥਾਵਾਂ ਉੱਤੇ ਹੋਏਗੀ ਵੀਡੀਓਗ੍ਰਾਫੀ
ਜਿਸ ਨਾਲ ਸਾਰੀ ਥਾਵਾਂ ’ਤੇ ਵੀਡੀਓਗ੍ਰਾਫੀ ਰਾਹੀਂ ਚੋਣ ਪ੍ਰਕਿਰਿਆ ਨੂੰ ਸੰਭਵ ਬਣਾਇਆ ਜਾਵੇਗਾ। ਦੱਸ ਦਈਏ ਕਿ ਇਸ ਸਬੰਧੀ ਪੰਜਾਬ ਭਾਜਪਾ ਦੇ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪੰਜਾਬ ਬੀਜੇਪੀ ਨੇ ਪਟਿਆਲਾ ’ਚ ਹੋਏ ਹੰਗਾਮੇ ਮਗਰੋਂ ਇਹ ਮੁੱਦਾ ਚੁੱਕਿਆ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ਦੇ ਮਾਮਲੇ ’ਚ ਆਈ ਸ਼ਿਕਾਇਤ ’ਤੇ ਰਾਜ ਚੋਣ ਕਮਿਸ਼ਨ ਨੂੰ ਅੱਜ ਹੀ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਹਨ।
ਭਾਜਪਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਦੱਸਿਆ ਕਿ ਪੰਜਾਬ 'ਚ ਕਈ ਥਾਵਾਂ 'ਤੇ ਖਾਸ ਕਰਕੇ ਪਟਿਆਲਾ 'ਚ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ, ਅਜਿਹੇ 'ਚ ਹਾਈਕੋਰਟ ਨੂੰ ਇਸ ਮਾਮਲੇ 'ਚ ਰਾਜ ਚੋਣ ਕਮਿਸ਼ਨ ਨੂੰ ਆਦੇਸ਼ ਜਾਰੀ ਕਰਨੇ ਚਾਹੀਦੇ ਹਨ, ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ।
21 ਦਸੰਬਰ ਨੂੰ ਪੈਣਗੀਆਂ ਵੋਟਾਂ
ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਪਟਿਆਲਾ ਦੇ ਮਾਮਲੇ 'ਚ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ 'ਤੇ ਅੱਜ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਹਨ। ਦੱਸ ਦਈਏ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 21 ਦਸੰਬਰ ਨੂੰ ਹੋਣਗੀਆਂ ਅਤੇ ਨਤੀਜੇ ਵੀ ਉਸੇ ਦਿਨ ਆਉਣਗੇ। 13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 14 ਦਸੰਬਰ ਨੂੰ ਹੋਵੇਗੀ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਜਾਰੀ ਕੀਤੇ ਜਾਣਗੇ।