ਭਾਰਤ ਸਰਕਾਰ ਨਹੀਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਰਾਜ਼ੀ, ਟੈਲੀਸਕੋਪ ਲਾ ਕੇ ਸਾਰੇਗੀ ਕੰਮ
ਏਬੀਪੀ ਸਾਂਝਾ | 20 Nov 2018 12:02 PM (IST)
ਚੰਡੀਗੜ੍ਹ: ਪਾਕਿਸਤਾਨ ਵੱਲੋਂ ਹਾਮੀ ਭਰਨ ਦੇ ਬਾਵਜੂਦ ਭਾਰਤ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਲਈ ਰਾਜ਼ੀ ਨਹੀਂ ਜਾਪਦੀ। ਇਸ ਲਈ ਕੇਂਦਰ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਉੱਚ ਸਮੱਰਥਾ ਵਾਲੀ ਟੈਲੀਸਕੋਪ ਲਾਉਣ ਦਾ ਫੈਸਲਾ ਕੀਤਾ ਹੈ। ਭਾਵ ਸਿੱਖ ਇਸ ਟੈਲੀਸਕੋਪ ਰਾਹੀਂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਸਿੱਖਾਂ ਦੀਆਂ ਵੱਖ ਵੱਖ ਜਥੇਬੰਦੀਆਂ ਲੰਮੇ ਸਮੇਂ ਤੋਂ ਲਾਂਘੇ ਲਈ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਮੰਗ ਕਰਦੀਆਂ ਆ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਰਹੱਦ ਦੇ ਉਸ ਪਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਕਰਤਾਰਪੁਰ ਸਾਹਿਬ ਸਥਿਤ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਸਾਲ ਕਰਤਾਰਪੁਰ ਵਿੱਚ ਹੀ ਬਿਤਾਏ ਸੀ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਉਪਰਾਲੇ ਕਰਕੇ ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦੀ ਹਾਮੀ ਭਰੀ ਸੀ ਪਰ ਭਾਰਤ ਸਰਕਾਰ ਇਸ ਨੂੰ ਟਾਲਦੀ ਨਜ਼ਰ ਆ ਰਹੀ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਗੁਰਦੁਆਰਾ ਡੇਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉੱਚ ਸਮੱਰਥਾ ਵਾਲੀ ਟੈਲੀਸਕੋਪ ਲਾਈ ਜਾਵੇਗੀ। ਇਸ ਤੋਂ ਇਲਾਵਾ ਰੇਲਵੇ ਵੱਲੋਂ ਇੱਕ ਵਿਸ਼ੇਸ਼ ਰੇਲ ਗੱਡੀ ਚਲਾਈ ਜਾਵੇਗੀ ਜੋ ਗੁਰੂ ਸਾਹਿਬ ਨਾਲ ਸਬੰਧਤ ਥਾਵਾਂ ਤੋਂ ਹੋ ਕੇ ਲੰਘੇਗੀ। ਯਾਦ ਰਹੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘੇ ਦੇਣ ਦਾ ਮੁੱਦਾ ਪਿੱਛੇ ਜਿਹੇ ਉਭਰ ਗਿਆ ਸੀ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਇਸ ਤੋਂ ਬਾਅਦ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਦੇਣ ਲਈ ਤਿਆਰ ਹੈ।