Punjab News: ਆਮਦਨ ਤੋਂ ਵੱਧ ਮਾਮਲੇ ਵਿੱਚ ਗ੍ਰਿਫਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਮਿਲਣ ਲਈ ਅੱਜ ਤਿੰਨ ਅਕਾਲੀ ਆਗੂ ਉਨ੍ਹਾਂ ਨੂੰ ਮਿਲਣ ਪਟਿਆਲਾ ਸਥਿਤ ਨਿਊ ਨਾਭਾ ਜੇਲ੍ਹ ਗਏ ਸਨ। ਪਰ ਉਨ੍ਹਾਂ ਨੂੰ ਜੇਲ੍ਹ ਵਿੱਚ ਨਹੀਂ ਜਾਣ ਦਿੱਤਾ, ਜਿਸ ਕਰਕੇ ਉਹ ਬਿਕਰਮ ਮਜੀਠੀਆ ਨੂੰ ਨਹੀਂ ਮਿਲ ਸਕੇ।
ਇਸ ਬਾਰੇ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਪੋਸਟ ਪਾ ਕੇ ਸਾਂਝੀ ਕੀਤੀ। ਉਨ੍ਹਾਂ ਨੇ ਪੋਸਟ ਪਾ ਕੇ ਕਿਹਾ, ਬਹੁਤ ਹੀ ਨਿੰਦਣਯੋਗ! ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨਿਰਦੇਸ਼ਾਂ 'ਤੇ, ਨਾਭਾ ਜੇਲ੍ਹ ਨੇ ਤਿੰਨ ਸੀਨੀਅਰ ਅਕਾਲੀ ਦਲ ਆਗੂਆਂ - ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਨੂੰ ਜੇਲ੍ਹ ਵਿੱਚ ਜਾਣ ਤੋਂ ਰੋਕ ਦਿੱਤਾ ਹੈ। ਇਹ ਜੇਲ੍ਹ ਮੈਨੂਅਲ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਅਤੇ ਡਰਾਉਣ ਲਈ ਆਮ ਆਦਮੀ ਪਾਰਟੀ ਦੀ ਬਦਲਾਖੋਰੀ ਦੀ ਰਾਜਨੀਤੀ ਦਾ ਪਰਦਾਫਾਸ਼ ਕਰਦਾ ਹੈ। ਯਾਦ ਰੱਖੋ ਕਿ ਉਨ੍ਹਾਂ ਨੇ ਅੱਜ ਦੁਪਹਿਰ 2:30 ਵਜੇ ਮਿਲਣ ਦੀ ਯੋਜਨਾ ਬਣਾਈ ਸੀ।
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸਵੇਰੇ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਸੁਣਵਾਈ ਹੋਈ, ਜਿਸ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।
ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ, ਉਸ ਦਿਨ ਵੀ ਬਹਿਸ ਜਾਰੀ ਰਹੇਗੀ। ਪਿਛਲੀ ਸੁਣਵਾਈ ਵਿੱਚ ਸਰਕਾਰ ਨੇ ਮਜੀਠੀਆ ਦੀ ਬੈਰਕ ਬਦਲਣ ਨਾਲ ਸਬੰਧਤ ਪਟੀਸ਼ਨ 'ਤੇ ਜਵਾਬ ਦਾਇਰ ਕੀਤਾ ਸੀ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ ਤੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।