Punjab News: ਸਥਾਨਕ ਸਰਕਾਰਾਂ, ਭੂਮੀ ਤੇ ਜਲ ਸੰਭਾਲ, ਪ੍ਰਸ਼ਾਸਨਿਕ ਸੁਧਾਰ ਸੰਸਦੀ ਮਾਮਲੇ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜਰ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਉਪਰੰਤ ਕਿਹਾ ਕਿ ਇਤਿਹਾਸਕ ਨਗਰੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਗਰੀਨ ਤੇ ਕਲੀਨ ਬਣਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨਿੱਜਰ ਵੱਲੋਂ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮਿਲ ਕੇ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ ਗਈ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਤਲਵੰਡੀ ਸਾਬੋ ਵਿਖੇ 15.37 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਸੀਵਰ ਤੇ ਰਾਈਜਿੰਗ ਮੇਨ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ: ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਭਾਈ ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀਆਂ ਸਾਫ਼ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਤਿਹਾਸਕ ਨਗਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ, ਰਿਸ਼ਵਤਖੋਰ ਨੂੰ ਕਿਸੇ ਵੀ ਕੀਮਤ ਤੇ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ੍ਰੀ ਦਮਦਮਾ ਸਾਹਿਬ ਦੇ ਵਿਕਾਸ ਕਾਰਜਾਂ ਲਈ ਜਿੰਨੇ ਵੀ ਪੈਸੇ ਦੀ ਜ਼ਰੂਰਤ ਹੋਵੇਗੀ ਲਗਾਇਆ ਜਾਵੇਗਾ, ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਸ੍ਰੀ ਦਮਦਮਾ ਸਾਹਿਬ ਦੇ ਵਿਕਾਸ ਲਈ ਪੈਸਾ ਮਹੱਤਵ ਨਹੀਂ ਰੱਖਦਾ ਸਗੋਂ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਇਸ ਉਪਰੰਤ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਦਫ਼ਤਰ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਬਾਰੇ ਜਾਣਿਆ ਅਤੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੀਵਰੇਜ਼ ਅਤੇ ਪਾਣੀ ਵਾਲੇ ਸਾਫ਼ ਪਾਣੀ ਸਬੰਧੀ ਨਗਰ ਵਾਸੀਆਂ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਤੋਂ ਇਲਾਵਾ ਇਤਿਹਾਸਕ ਨਗਰ ਦੀਆਂ ਮੁੱਖ ਮੰਗਾਂ ਜਿਵੇਂ ਕਿ ਸ੍ਰੀ ਤਖ਼ਤ ਸਾਹਿਬ ਦੇ ਆਸ-ਪਾਸ ਹੈਰੀਟੇਜ ਸਟਰੀਟ ਤੇ ਦਰਸ਼ਨੀ ਡਿਊਟੀ ਨੇੜੇ ਘੰਟਾ ਘਰ ਚੌਂਕ ਦੀ ਉਸਾਰੀ ਕਰਨਾ, ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣਾ, ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚ ਪੀ.ਸੀ. ਪਾਉਣਾ, ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚ ਡੀ.ਵੀ.ਪੇਵਿੰਗ ਕਰਨਾ, ਸ਼ਹਿਰ ਵਿੱਚ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਪਾਉਣਾ, ਲਿਗੇਸੀ ਵੇਸਟ ਰੇਮੀਡੇਸ਼ਨ ਕਰਨ ਸਬੰਧੀ ਮਸ਼ੀਨਰੀ ਖ਼ਰੀਦ ਕਰਨ ਲਈ ਸਵੱਛ ਭਾਰਤ ਮਿਸ਼ਨ ਅਧੀਨ ਫੰਡ ਜਾਰੀ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਨਜ਼ਾਇਜ ਕਬਜ਼ਿਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੋ ਵੀ ਨਜ਼ਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਨੂੰ ਤੁਰੰਤ ਹਟਵਾਇਆ ਜਾਵੇ।
ਦੌਰੇ ਮੌਕੇ ਕੈਬਨਿਟ ਮੰਤਰੀ ਨਿੱਜਰ ਵੱਲੋਂ ਨਗਰ ਪੰਚਾਇਤ ਕੋਟਸ਼ਮੀਰ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਬੈਠਕ ਕੀਤੀ ਤੇ ਨਗਰ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਪਿੰਡ ਪੱਧਰ ਤੇ ਆਪਣੇ ਵੱਲੋਂ ਰੱਖੀ ਜਾਂਦੀ ਸਾਫ਼-ਸਫ਼ਾਈ ਸ਼ਲਾਘਾ ਕਰਦਿਆਂ ਵਧਾਈ ਵੀ ਦਿੱਤੀ। ਇਸ ਮੌਕੇ ਉਨ੍ਹਾਂ ਇੱਥੇ 4 ਏਕੜ ਜ਼ਮੀਨ ਵਿੱਚ ਬਣਾਏ ਗਏ ਜੰਗਲ ਤੇ ਕੂੜਾ ਕਰਕਟ ਦੀ ਸਾਂਭ-ਸੰਭਾਲ ਤੇ ਮੁੜ ਵਰਤੋਂ ਵਿੱਚ ਲਿਆਉਣ ਵਾਲੇ ਬਣਾਏ ਗਏ ਯੂਨਿਟ ਤੇ ਇਸ ਤੋਂ ਨਗਰ ਪੰਚਾਇਤ ਕੋਟਸ਼ਮੀਰ ਵੱਲੋਂ ਤਿਆਰ ਕੀਤੀ ਗਈ ਆਰਗੈਨਿਕ ਖਾਦ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨਿੱਜਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ ਗਈ।
ਦੌਰੇ ਦੇ ਅਖ਼ੀਰ ਵਿੱਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਨਗਰ ਕੌਂਸਲ ਮੌੜ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਪੀਣ ਵਾਲੇ ਪਾਣੀ, ਸੀਵਰੇਜ਼ ਅਤੇ ਪਾਰਕ ਦੀ ਸਮੱਸਿਆ ਦਾ ਢੁੱਕਵਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਮੌੜ ਵਾਸੀਆਂ ਨੂੰ ਸੀਵਰੇਜ ਤੋਂ ਛੁਟਕਾਰਾ ਦਿਵਾਉਣ ਲਈ ਖੁਦ ਆਪਣੇ ਪੱਧਰ ਤੇ ਪਸ਼ੂਆਂ ਵਾਲੀਆਂ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਕੱਢਣ ਲਈ ਵੀ ਪ੍ਰੇਰਿਤ ਕੀਤਾ।