Kiratpur Sahib News : ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ 'ਚ ਸ੍ਰੀ ਅਖੰਡ ਪਾਠ ਦੇ ਭੋਗ ਨਾਲ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਹੋਈ ਹੈ। ਖ਼ਾਲਸੇ ਦੀ ਆਨ, ਸ਼ਾਨ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਖ਼ਾਲਸਾਈ ਰਵਾਇਤਾਂ ਦੇ ਮੁਤਾਬਕ ਹੋਈ। 

 

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮਾਪਤੀ ਦੀ ਅਰਦਾਸ ਕੀਤੀ ਗਈ।  3 ਮਾਰਚ ਤੋਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸ਼ੁਰੂ ਹੋਏ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਨਾਲ ਕੀਤੀ ਗਈ। ਇਸ ਮੌਕੇ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਦਰਸ਼ਨਾਂ ਲਈ ਪਹੁੰਚੀਆਂ ਅਤੇ ਸੰਗਤ ਲਈ ਗੁਰੂ ਘਰ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ ਵਾਲਿਆਂ ਵੱਲੋਂ ਗੁਰੂ ਕੇ ਅਤੁੱਟ ਲੰਗਰ ਵੀ ਲਗਾਏ ਗਏ।
  

 


 

ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨੂੰ ਸੰਗਤ ਦੀ ਆਮਦ ਨੂੰ ਵੇਖਦੇ ਹੋਏ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਲਈ ਰਹਿਣ ਖਾਣ-ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਸੰਗਤਾਂ ਦੀ ਸੁਰੱਖਿਆ ਅਤੇ ਸਿਹਤ ਸਹੂਲਤਾਂ ਨੂੰ ਵੇਖਦੇ ਹੋਏ ਜਗ੍ਹਾ-ਜਗ੍ਹਾ ਪੁਲਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਐਮਰਜੈਂਸੀ ਡਿਸਪੈਂਸਰੀਆਂ ਖੋਲ੍ਹੀਆਂ ਗਈਆਂ ਹਨ।

 



ਜ਼ਿਲ੍ਹਾ ਪੁਲਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ 5 ਹਜ਼ਾਰ ਤੋਂ ਵੱਧ ਪੁਲਿਸ ਅਫ਼ਸਰ ਅਤੇ ਮੁਲਾਜ਼ਮ ਹੋਲੇ-ਮਹੱਲੇ ਲਈ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ ਸਿੰਘ ਨੇ ਸੰਗਤ ਨੂੰ ਹੋਲੇ-ਮਹੱਲੇ ਵਿਚ ਪਹੁੰਚਣ ਦੀ ਅਪੀਲ ਕੀਤੀ।  


ਦੱਸ ਦਈਏ ਕਿ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦਾ ਪਹਿਲਾ ਪੜਾਅ ਸਮਾਪਤ ਹੋਇਆ ਅਤੇ ਕੱਲ੍ਹ 6 ਮਾਰਚ ਨੂੰ ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਆਰੰਭਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਦੇ ਨਾਲ ਹੋਵੇਗੀ ਅਤੇ ਤਿੰਨ ਦਿਨ ਲਗਾਤਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਨਾਲ ਲੱਗਦੇ ਇਤਿਹਾਸਕ ਗੁਰੂਘਰਾਂ ਵਿਖੇ ਧਾਰਮਿਕ ਦੀਵਾਨ ਸਜਣਗੇ। 8 ਮਾਰਚ ਨੂੰ ਦੁਪਹਿਰੇ 12 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਖ਼ਾਲਸੇ ਦੀ ਲਾਡਲੀ ਫੌਜ ਨਿਹੰਗ ਜੱਥੇਬੰਦੀਆਂ ਵੱਲੋਂ ਆਨੰਦਪੁਰ ਸਾਹਿਬ ਦੀਆਂ ਸੜਕਾਂ ਉੱਤੇ ਮਹੱਲਾ ਸਜਾਇਆ ਜਾਵੇਗਾ। ਜਿਸ ਤੋਂ ਬਾਅਦ ਇਹ ਮਹੱਲਾ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇਗਾ, ਜਿੱਥੇ ਖ਼ਾਲਸੇ ਦੇ ਜੰਗਜੂ ਕਰਤੱਬ ਵਿਖਾਏ ਜਾਣਗੇ ਅਤੇ ਨਿਹੰਗ ਸਿੰਘਾਂ ਦੇ ਵੱਲੋਂ ਘੋੜ ਦੌੜ ਦੇ ਜੌਹਰ ਵਿਖਾਏ ਜਾਣਗੇ।