Punjab News: ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਵੀ ਮੈਦਾਨ ਵਿੱਚ ਆ ਗਏ ਹਨ ਤੇ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ, ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਜ਼ਿਕਰ ਕਰ ਦਈਏ ਕਿ ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਸਥਿਤੀ ਚਿੰਤਾਜਨਕ ਹੋ ਗਈ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਹੈ ਕਿ ਸਰਕਾਰ ਲੋਕਾਂ ਦੇ ਨਾਲ ਹੈ ਤੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕੀਤਾ ਹੈ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ...ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ...ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸ ਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..।