ਚੰਡੀਗੜ੍ਹ: ਫੈਸਟੀਵਲ ਸੀਜ਼ਨ ਤਕ ਪੰਜਾਬ ਭਰ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸਿਰਫ ਬਿਮਾਰ ਹੋਣ ਦੀ ਹਾਲਤ ‘ਚ ਹੀ ਕਿਸੇ ਪੁਲਿਸ ਮੁਲਾਜ਼ਮ ਨੂੰ ਛੁੱਟੀ ਦਿੱਤੀ ਜਾ ਸਕਦੀ ਹੈ। ਬਜ਼ਾਰਾਂ ‘ਚ ਰੌਣਕ ਵਧਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਡੀਜੀਪੀ ਦਿਨਕਰ ਗੁਪਤਾ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀ ਨੂੰ ਬਾਜ਼ਾਰਾਂ ਦੀ ਸਰੁੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ।


ਡੀਜੀਪੀ ਦੇ ਹੁਕਮਾਂ ਤੋਂ ਬਾਅਦ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀ ਨੇ ਸੁਰੱਖਿਆ ਦਾ ਰਿਵੀਊ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਜੰਮੂ-ਕਸ਼ਮੀਰ ਚੋਂ ਧਾਰਾ 370 ਖ਼ਤਮ ਹੋਣ ਤੋਂ ਬਾਅਦ ਪਾਕਿਸਤਾਨ ਵੱਲੋਂ ਲਗਾਤਾਰ ਨਾਪਾਕ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਦਾ ਧਿਆਨ ਪੰਜਾਬ ਵੱਲ ਹੋ ਗਿਆ ਹੈ ਜਿੱਥੇ ਕੁਝ ਦਿਨਾਂ ‘ਚ ਕਈ ਅੱਤਵਾਦੀਆਂ ਦੀਆਂ ਗ੍ਰਿਫ਼ਤਾਰੀਆਂ ਹੋਇਆਂ ਹਨ।

ਇਸ ਦੇ ਨਾਲ ਹੀ ਸੂਬੇ ਦੇ ਸਰਹੱਦੀ ਖੇਤਰਾਂ ‘ਚ ਡ੍ਰੋਨ ਰਾਹੀਂ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਸੂਬੇ ਲਈ ਖ਼ਤਰੇ ਦੀ ਘੰਟੀ ਹੈ। ਇਨ੍ਹਾਂ ਘਟਨਾਵਾਂ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਨੇ ਆਪਣੇ ਰਣਨੀਤੀ ‘ਚ ਵੀ ਬਦਲਾਅ ਕੀਤੇ ਹਨ। ਫੜੇ ਗਏ ਅੱਤਵਾਦੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਪੰਜਾਬ ਨੂੰ ਦੀਵਾਲੀ ਮੌਕੇ ਦਹਿਲਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ।

ਇਨ੍ਹਾਂ ਸਭ ਘਟਨਾਵਾਂ ਨੂੰ ਵੇਖਦੇ ਹੋਏ ਡੀਜੀਪੀ ਦਿਨਕਰ ਨੇ ਸਾਰੇ ਪੁਲਿਸ ਮੁਲਾਜ਼ਮਾਂ ਦੀ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਨਾਲ ਹੀ ਸੁਰੱਖਿਆ ‘ਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤਣ ਦੀ ਅਪੀਲ ਕੀਤੀ ਗਈ ਹੈ।