ਬਰਨਾਲਾ: ਡਿਊਟੀ ਲਈ ਜ਼ਿਲ੍ਹਾ ਜੇਲ੍ਹ ਬਰਨਾਲਾ ਜਾਂਦੇ ਪਿੰਡ ਸੇਖਾ ਦੇ ਹੋਮਗਾਰਡ ਜਵਾਨ ਦੀ ਸਾਹਮਣੇ ਤੋਂ ਆ ਰਹੇ ਟਰੱਕ ਹੇਠ ਆ ਜਾਣ ਕਾਰਨ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਨਅਤੀ ਚੌਕੀ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਬਰਨਾਲਾ ਜੇਲ੍ਹ ਵਿੱਚ ਤਾਇਨਾਤ ਦਲਬਾਰਾ ਸਿੰਘ ਪੁੱਤਰ ਜੋਰਾ ਸਿੰਘ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰ 8 ਕੁ ਵਜੇ ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਡਿਊਟੀ ਦੇਣ ਲਈ ਜਾ ਰਿਹਾ ਸੀ। ਜਦ ਉਹ ਕੋਠੇ ਸੁਰਜੀਤਪੁਰਾ ਲਾਗੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਸ ਨੂੰ ਆਪਣੀ ਲਪੇਟ 'ਚ ਲਿਆ।
ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਦਲਬਾਰਾ ਸਿੰਘ ਨੂੰ ਆਸ-ਪਾਸ ਦੇ ਲੋਕਾਂ ਨੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਦਲਬਾਰਾ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਚੌਕੀ ਇੰਚਾਰਜ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ 'ਚ ਲੈ ਕੇ ਅਣਪਛਾਤੇ ਡਰਾਇਵਰ ਖਿਲਾਫ਼ ਕਾਰਵਾਈ ਆਰੰਭ ਦਿੱਤੀ ਹੈ।