ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਪਾਰਟੀ 'ਤੇ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹਨ। ਪਾਰਟੀ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਮੁੱਦੇ ਉੱਤੇ ਧਿਆਨ ਦਿੱਤਾ ਜਾਵੇ।

ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਤੇ ਨੇਤਾਵਾਂ ਦੇ ਦਬਾਅ ਕਾਰਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਰਚੇ ਭਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਸੱਤਾਧਾਰੀ ਆਗੂਆਂ ਦੇ ਦਬਾਅ ਕਾਰਨ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਪਰਚਿਆਂ ਵਿੱਚ ਜਾਣਬੁੱਝ ਕੇ ਤਰੁੱਟੀਆਂ ਕੱਢ ਰਹੇ ਹਨ।

ਚੀਮਾ ਨੇ ਕਿਹਾ ਕਿ ਸੂਬੇ ਭਰ ਵਿੱਚੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਅਨੁਸਾਰ ਪਰਚੇ ਭਰਨ ਲਈ ਲੋੜੀਂਦੀਆਂ ਸ਼ਰਤਾਂ ਅਧੀਨ ਐਨਓਸੀ ਤੇ ਚੁੱਲ੍ਹਾ ਟੈਕਸ ਭਰਨ ਵਿੱਚ ਮੁਸਕਲਾਂ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਕਤ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਰਚੇ ਭਰਨ ਦੀ ਤਾਰੀਖ਼ ਵਿੱਚ ਵਾਧਾ ਕਰੇ ਤਾਂ ਜੋ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਵੀ ਪਰਚੇ ਭਰ ਸਕਣ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦੇ ਕੇ ਉਨ੍ਹਾਂ ਨੂੰ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਬਰਾਬਰ ਮੌਕਾ ਦੇਣ ਬਾਰੇ ਹੁਕਮ ਜਾਰੀ ਕਰੇ।