ਚੰਡੀਗੜ੍ਹ: ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਹੈ। ਸਿਵਲ ਜੱਜ ਮੋਨਿਕਾ ਸ਼ਰਮਾ ਏਸੀਜੇਐਮ ਹੁਸ਼ਿਆਰਪੁਰ ਨੇ ਇਨ੍ਹਾਂ ਲੀਡਰਾਂ ਨੂੰ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਚੱਲ ਰਹੇ ਕੇਸ ਵਿੱਚ 3 ਦਸੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ। ਇਸ ਕੇਸ ਵਿੱਚ ਭਾਰਤ ਦੇ ਚੋਣ ਕਮਿਸ਼ਨ, ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਤੇ ਸਾਬਕਾ ਸਕੱਤਰ ਮਨਜੀਤ ਸਿੰਘ ਤਰਨਤਾਰਨੀ ਵੀ ਸਬੰਧਤ ਰਿਕਾਰਡ ਪੇਸ਼ ਕਰਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।


ਸੋਸ਼ਲਿਸਟ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਨੇਤਾਵਾਂ ਵਿਰੁੱਧ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ ਚੱਲ ਰਿਹਾ ਹੈ। ਖੇੜਾ ਨੇ ਅਦਾਲਤ ਨੂੰ ਠੋਸ ਸਬੂਤ ਤੇ ਦਸਤਾਵੇਜ਼ ਪੇਸ਼ ਕਰਦਿਆਂ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਅਹੁਦੇਦਾਰਾਂ ਨੇ ਪਾਰਟੀ ਦਾ ਪੁਰਾਣਾ ਵਿਧਾਨ ਲੁਕਾ ਕੇ ਰੱਖਿਆ, ਜਿਸ ਵਿੱਚ ਇਹ ਪਾਰਟੀ ਸਿੱਖ ਸਿਧਾਂਤਾਂ ਨੂੰ ਪ੍ਰਣਾਈ ਹੋਈ ਦੱਸੀ ਗਈ ਸੀ।

1989 ਵਿਚ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਝੂਠਾ ਹਲਫ਼ਨਾਮਾ ਦਿੱਤਾ ਕਿ ਇਹ ਪਾਰਟੀ ਧਰਮ ਨਿਰਪੱਖ, ਜਮਹੂਰੀ ਤੇ ਸਮਾਜਵਾਦੀ ਕਦਰਾਂ ਕੀਮਤਾਂ ਦੀ ਧਾਰਨੀ ਬਣ ਗਈ ਹੈ ਜਦੋਂਕਿ ਇਹ ਪਾਰਟੀ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਉਮੀਦਵਾਰ ਖੜ੍ਹੇ ਕਰਦੀ ਰਹੀ ਹੈ। ਭਾਵੇਂ ਮੋਗਾ ਕਾਨਫ਼ਰੰਸ ਸਮੇਂ ਇਸ ਨੇ ਐਲਾਨ ਕੀਤਾ ਕਿ ਇਹ ਪਾਰਟੀ ਸੈਕੂਲਰ ਬਣ ਗਈ ਹੈ ਪਰ ਇਸ ਦੇ ਬਾਵਜੂਦ 2008 ਤੱਕ ਆਪਣੇ ਵਿਧਾਨ ਵਿਚ ਕੋਈ ਸੋਧ ਨਹੀਂ ਕੀਤੀ ਸੀ ਜਦੋਂਕਿ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਕੇਵਲ ਧਾਰਮਿਕ ਪਾਰਟੀ ਹੀ ਲੜ ਸਕਦੀ ਹੈ।