ਫੂਲਕਾ ਨੇ ਸ਼੍ਰੋਮਣੀ ਕਮੇਟੀ ਭੰਗ ਕਰਨ ਲਈ ਮੋਦੀ ਤੋਂ ਮੰਗਿਆ ਦਖ਼ਲ
ਏਬੀਪੀ ਸਾਂਝਾ | 10 Oct 2018 01:58 PM (IST)

ਨਵੀਂ ਦਿੱਲੀ: ਸਿੱਖ ਕਤਲੇਆਮ ਦੇ ਪੀੜਤਾਂ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁੜ ਤੋਂ ਕਰਵਾਉਣ ਲਈ ਮੋਦੀ ਦਾ ਦਖ਼ਲ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਫੂਲਕਾ ਦਾ ਕਹਿਣਾ ਹੈ ਕਿ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਗ਼ੈਰ ਕਾਨੂੰਨੀ ਤਰੀਕੇ ਨਾਲ ਬਣੀ ਹੋਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਐਸਜੀਪੀਸੀ ਦੀਆਂ ਚੋਣਾਂ ਮੁੜ ਤੋਂ ਕਰਵਾਉਣ ਲਈ ਪੱਤਰ ਲਿਖੇ ਹਨ। ਫੂਲਕਾ ਦਾ ਕਹਿਣਾ ਹੈ ਕਿ ਐਸਜੀਪੀਸੀ ਦਾ ਕਾਰਜਕਾਲ ਸਾਲ 2016 ਵਿੱਚ ਹੀ ਪੂਰਾ ਹੋ ਗਿਆ ਸੀ ਤੇ ਮੈਂਬਰ ਹਾਲੇ ਵੀ ਆਪਣੇ ਅਹੁਦੇ 'ਤੇ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਕਮੇਟੀ ਮੈਂਬਰਾਂ ਦੇ ਕਾਰਜਕਾਲ ਵਿੱਚ ਵਾਧਾ ਕਰਨ ਤੋਂ ਮਨ੍ਹਾ ਕੀਤਾ ਹੋਇਆ ਸੀ ਪਰ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਆਪਣੇ ਅਹੁਦੇ 'ਤੇ ਬਣੇ ਹੋਏ ਹਨ। ਫੂਲਕਾ ਨੇ ਕੈਪਟਨ ਨੂੰ ਲਿਖੀ ਚਿੱਠੀ ਵਿੱਚ ਦੱਸਿਆ ਕਿ ਉਹ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਛੇਤੀ ਕਰਵਾਈਆਂ ਜਾਣ ਤਾਂ ਜੋ ਚੰਗੇ ਅਕਸ ਵਾਲੇ ਧਾਰਮਿਕ ਲੋਕਾਂ ਨੂੰ ਨੁਮਾਇੰਦਗੀ ਮਿਲ ਸਕੇ।