ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਅਸਤੀਫ਼ਾ ਵਾਪਸ ਨਹੀਂ ਲੈਣਗੇ ਪਰ 12 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਜ਼ਰੂਰ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸਪੀਕਰ ਵੱਲੋਂ ਹਾਲੇ ਤਕ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ। ਉਨ੍ਹਾਂ ਤੋਂ ਇਲਾਵਾ ‘ਆਪ’ ਤੋਂ ਅਸਤੀਫ਼ਾ ਦੇ ਕੇ ਸੁਖਪਾਲ ਸਿੰਘ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨਾਲ ਹੱਥ ਮਿਲਾਉਣ ਵਾਲੇ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਇਸ ਬਜਟ ਸੈਸ਼ਨ ਵਿੱਚ ਸ਼ਾਮਲ ਹੋਣਗੇ।

ਮੀਡੀਆ ਰਿਪੋਰਟਾਂ ਮੁਤਾਬਕ ਫੂਲਕਾ ਨੇ ਕਿਹਾ ਕਿ ਇਸ ਵਾਰ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਕੋਲੋਂ ਬਰਗਾੜੀ ਗੋਲੀ ਕਾਂਡ ਬਾਰੇ ਕੀਤੇ ਵਾਅਦਿਆਂ ਤੋਂ ਭੱਜਣ ਸਬੰਧੀ ਸਵਾਲ ਦੁਹਰਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਸਿਆਸੀ ਦਲ ਵਿੱਚ ਸ਼ਾਮਲ ਨਹੀਂ ਹੋਣਗੇ। ਫਿਲਹਾਲ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਆਸੀਕਰਨ ਖ਼ਤਮ ਕਰਨ ਵੱਲ ਧਿਆਨ ਦੇਣਾ ਚਾਹੁੰਦੇ ਹਨ।

ਜ਼ਿਕਰਯੋਗ ਹੈ ਕਿ ਹਲਕਾ ਦਾਖਾ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਵਜੂਦ ਫੂਲਕਾ ਨੇ ਕਿਸਾਨਾਂ ਨੂੰ ਫ਼ਸਲ ਦੇ ਖਰਾਬੇ ਮਗਰੋਂ ਰਾਹਤ ਰਾਸ਼ੀ ਮੁਹੱਈਆ ਕਰਵਾਈ ਹੈ। ਉਨ੍ਹਾਂ ਆਪਣੇ ਪੱਧਰ 'ਤੇ ਸ਼ੁਰੂ ਕੀਤੀ ਕਿਸਾਨ ਰਾਹਤ ਸਕੀਮ ਤਹਿਤ ਹਲਕਾ ਦਾਖਾ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ। ਪਿਛਲੇ ਦਿਨੀਂ ਖਰਾਬ ਮੌਸਮ ਤੇ ਭਾਰੀ ਗੜ੍ਹੇਮਾਰੀ ਕਾਰਨ ਫ਼ਸਲ ਦੇ ਖਰਾਬੇ ਦੇ ਇਵਜ ਵਿੱਚ ਇਹ ਚੈੱਕ ਦਿੱਤੇ ਗਏ।

ਸਬੰਧਤ ਖ਼ਬਰ- ਵਿਧਾਇਕੀ ਤੋਂ ਅਸਤੀਫ਼ੇ ਦੇ ਬਾਵਜੂਦ ਗੜ੍ਹੇਮਾਰੀ ਦੇ ਝੰਬੇ ਕਿਸਾਨਾਂ ਨੂੰ ਫੂਲਕਾ ਨੇ ਦਿੱਤੀ ਮੁਆਵਜ਼ਾ ਰਾਸ਼ੀ