Haryana News : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ (Karamjeet Singh) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੈਰ ਛੂਹਦੇ ਨਜ਼ਰ ਆ ਰਹੇ ਹਨ। ਪੈਰਾਂ ਨੂੰ ਛੂਹਣ ਦੀ ਇਹ ਵੀਡੀਓ ਕਿਸੇ ਮੁਲਾਕਾਤ ਦੀ ਲੱਗ ਰਹੀ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਈ ਲੋਕਾਂ ਨੇ ਮਹੰਤ ਕਰਮਜੀਤ ਸਿੰਘ ਦੀ ਆਲੋਚਨਾ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਸਿੱਖ ਕੌਮ ਅਤੇ ਸਿੱਖ ਜਥੇਦਾਰਾਂ ਨੇ ਇਸ 'ਤੇ ਇਤਰਾਜ਼ ਜਤਾਉਂਦੇ ਹੋਏ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।

 

ਵੀਡੀਓ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਹਿਤ ਕਰਮਜੀਤ ਸਿੰਘ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਮਹੰਤ ਕਰਮਜੀਤ ਸਿੰਘ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਨਹੀਂ ਸਗੋਂ ਭਾਜਪਾ ਦੀ ਕਠਪੁਤਲੀ ਹਨ।


ਮੁੱਖ ਮੰਤਰੀ ਦੇ ਪੈਰ ਛੂਹ ਕੀ ਸੰਦੇਸ਼ ਦੇਣਾ ਚਾਹੁੰਦੇ ਹਨ ਕਰਮਜੀਤ ਸਿੰਘ - ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਖਾਲਸਾ ਪੰਥ ਦੀਆਂ ਸੰਸਥਾਵਾਂ ਹਨ। ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਜਾਣਬੁੱਝ ਕੇ ਹਰਿਆਣਾ ਕਮੇਟੀ ਬਣਾਈ ਗਈ ਸੀ ਤਾਂ ਜੋ ਆਪਣਾ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਕਮੇਟੀ ਦੇ ਪ੍ਰਧਾਨ ਵੱਲੋਂ ਸੀਐਮ ਮਨੋਹਰ ਲਾਲ ਖੱਟਰ ਦੇ ਪੈਰ ਛੂਹਣ ਦੀ ਵੀਡੀਓ ਸਾਹਮਣੇ ਆਈ ਹੈ। ਆਖਿਰ ਅਜਿਹਾ ਕਰਕੇ ਉਹ ਕੀ ਸੰਦੇਸ਼ ਦੇਣਾ ਚਾਹੁੰਦੇ ਹਨ, ਅਜਿਹੇ ਪ੍ਰਮੁੱਖ ਨੂੰ ਤੁਰੰਤ ਹਟਾ ਦੇਣਾ ਚਾਹੀਦਾ ਹੈ।


 

 ਕੀ ਹੈ HSGPC ?

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ 11 ਜੁਲਾਈ 2014 ਨੂੰ ਕੀਤੀ ਗਈ ਸੀ, ਇਸ ਸੰਸਥਾ ਦਾ ਗਠਨ ਹਰਿਆਣਾ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਤੋਂ ਬਾਅਦ ਕੀਤਾ ਗਿਆ ਸੀ। ਇਹ ਭਾਰਤ ਵਿੱਚ ਸਿੱਖ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਜ਼ਿੰਮੇਵਾਰ ਸੰਸਥਾਵਾਂ ਵਿੱਚੋਂ ਇੱਕ ਹੈ, ਇਸਦੇ ਗਠਨ ਤੋਂ ਪਹਿਲਾਂ ਹਰਿਆਣਾ ਦੇ ਗੁਰਦੁਆਰਿਆਂ ਦੀ ਨਿਗਰਾਨੀ ਅਧਿਕਾਰਤ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਅਧੀਨ ਸੀ। ਮੌਜੂਦਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫ਼ਤਰ ਕੁਰੂਕਸ਼ੇਤਰ ਵਿੱਚ ਸਥਿਤ ਹੈ।