ਮੋਗਾ: ਮੋਗਾ-ਫਿਰੋਜ਼ਪੁਰ ਰੋਡ 'ਤੇ ਪੈਂਦੇ ਪਿੰਡ ਦਾਰਾਪੁਰ ਨੇੜੇ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਸ ਦੁਰਘਟਨਾ 'ਚ ਉਨ੍ਹਾਂ ਦੀ ਬੇਟੀ ਗੰਭੀਰ ਜ਼ਖ਼ਮੀ ਹੋ ਗਈ।

ਜ਼ਖਮੀ ਲੜਕੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪ੍ਰਾਪਤ ਜਾਣਕਾਰੀ ਮਪਤਾਬਕ 35 ਸਾਲਾ ਜੀਤ ਵਾਸੀ ਖੋਸਾ ਰਣਧੀਰ ਆਪਣੀ ਪਤਨੀ ਅਤੇ ਦੋ ਲੜਕੀਆਂ ਤੇ ਇੱਕ ਲੜਕੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਸਾਲੀ ਦੇ ਲੜਕੇ ਦੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਜਦ ਉਹ ਪਿੰਡ ਦਾਰਾਪੁਰ ਟੋਲ ਪਲਾਜੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਰੇਤਾ ਦੇ ਭਰੇ ਟਰੈਕਟਰ-ਟਰਾਲੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਮੋਟਰਸਾਈਕਲ ਤੋਂ ਡਿੱਗ ਗਏ।

ਇਸ ਦੌਰਾਨ ਜੀਤ ਰੇਤਾ ਦੇ ਭਰੇ ਟਰੈਕਟਰ-ਟਰਾਲੀ ਹੇਠਾਂ ਆ ਗਿਆ ਤੇ ਉਸ ਦੀ ਪਤਨੀ ਦੇ ਡਿੱਗਣ ਕਾਰਨ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ 'ਚ ਉਨ੍ਹਾਂ ਦੀ 4 ਸਾਲ ਦੀ ਬੇਟੀ ਗੰਭੀਰ ਜ਼ਖ਼ਮੀ ਹੋ ਗਈ ਜਦਕਿ ਦੋ ਬੱਚੇ ਵਾਲ-ਵਾਲ ਬਚ ਗਏ।

ਜ਼ਖਮੀ ਲੜਕੀ ਦੀ ਹਾਲਤ ਗੰਭੀਰ ਹੋਣ 'ਤੇ ਡਾਕਟਰਾਂ ਨੇ ਉਸ ਨੂੰ ਗੁਰੂ ਗੋਬਿੰਦ ਮੈਡੀਕਲ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ। ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦਾ ਪਤਾ ਚੱਲਦਿਆਂ ਹੀ ਥਾਣਾ ਸਦਰ ਪੁਲਿਸ ਮੌਕੇ 'ਤੇ ਪੁੱਜੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ।