ਮੇਰਾ ਨਾਂਅ ਨਾ ਲਇਓ...,ਮੈਂ ਨਹੀਂ ਬਣਨਾ ਚਾਹੁੰਦਾ ਅਕਾਲੀ ਦਲ ਦਾ ਪ੍ਰਧਾਨ, ਗਿਆਨੀ ਹਰਪ੍ਰੀਤ ਸਿੰਘ ਬਾਗ਼ੀਆਂ ਨੂੰ ਕੋਰਾ ਜਵਾਬ !
ਇਸ ਲਈ ਪੰਜ ਮੈਂਬਰੀ ਕਮੇਟੀ ਨੂੰ ਮੇਰੇ ਵੱਲੋਂ ਅਪੀਲ ਹੈ ਕਿ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਮੈਂ ਕਿਸੇ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਨਹੀ। ਇਸ ਲਈ ਮੇਰਾ ਨਾਮ ਪ੍ਰਧਾਨਗੀ ਲਈ ਨਾ ਵਿਚਾਰਿਆ ਜਾਵੇ। ਆਪ ਜੀ ਦਾ ਬਹੁਤ ਬਹੁਤ ਧੰਨਵਾਦ ਹੋਵੇਗਾ।
Shiromni Akali Dal: ਭਰਤੀ ਕਮੇਟੀ ਵੱਲੋਂ ਭਰਤੀ ਸਬੰਧੀ ਮੁਹਿੰਮ ਤੇ ਡੈਲੀਗੇਟ ਚੁਣਨ ਦੀ ਮੁਹਿੰਮ ਮੁਕੰਮਲ ਕਰਨ ਤੋਂ ਬਾਅਦ 11 ਅਗਸਤ ਨੂੰ ਪ੍ਰਧਾਨ ਦੀ ਚੋਣ ਲਈ ਇਜਲਾਸ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਦਰ ਕਲੇਸ਼ ਵਧਣ ਦੇ ਆਸਾਰ ਬਣ ਗਏ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਭਰਤੀ ਕਮੇਟੀ ਨੂੰ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ ਪਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਹ ਜ਼ਰੂਰ ਕਿਹਾ ਹੈ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਹੁਣ ਇਸ ਬਿਆਨ ਦੇ ਵੱਖ-ਵੱਖ ਅਰਥ ਕੱਢੇ ਜਾ ਰਹੇ ਹਨ।
ਇਸ ਨੂੰ ਲੈ ਕੇ ਹੁਣ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਮੇਰੇ ਕੋਲ ਜਾਣਕਾਰੀ ਪੁੱਜ ਰਹੀ ਹੈ ਕਿ ਉਸ ਚੋਣ ਵਿੱਚ ਮੇਰੇ ਨਾਮ ਦੀ ਅਤੇ ਬੀਬੀ ਸਤਵੰਤ ਕੌਰ ਜੀ ਜੋ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਹਨ, ਸਾਡੇ ਦੋਵਾਂ ਦੇ ਨਾਮ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰੇ ਜਾ ਰਹੇ ਹਨ।
ਕੁਝ ਮੇਰੇ ਤੇ ਕੁਝ ਬੀਬੀ ਦੇ ਸਮਰਥਨ ਵਿੱਚ ਵਿਚਾਰ ਪ੍ਰਗਟ ਹੋ ਰਹੇ ਹਨ। ਮੇਰੇ ਮਨ ਵਿੱਚ ਅਪਣੀ ਉਸ ਭੈਣ ਦੇ ਪ੍ਰਤੀ ਬਹੁਤ ਸਤਿਕਾਰ ਹੈ। ਇਸ ਲਈ ਪੰਜ ਮੈਂਬਰੀ ਕਮੇਟੀ ਨੂੰ ਮੇਰੇ ਵੱਲੋਂ ਅਪੀਲ ਹੈ ਕਿ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਮੈਂ ਕਿਸੇ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਨਹੀ। ਇਸ ਲਈ ਮੇਰਾ ਨਾਮ ਪ੍ਰਧਾਨਗੀ ਲਈ ਨਾ ਵਿਚਾਰਿਆ ਜਾਵੇ। ਆਪ ਜੀ ਦਾ ਬਹੁਤ ਬਹੁਤ ਧੰਨਵਾਦ ਹੋਵੇਗਾ।
ਜ਼ਿਕਰ ਕਰ ਦਈਏ ਕਿ ਪ੍ਰਧਾਨ ਦੀ ਚੋਣ ਨੂੰ ਲੈ ਕੇ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਗਈ ਸੀ ਕਿ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦਿੱਤਾ ਜਾਵੇ। ਧਾਮੀ ਨੇ ਅਗਲੇਰੀ ਕਾਰਵਾਈ ਲਈ ਇਹ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਭੇਜ ਦਿੱਤਾ ਸੀ ਪਰ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ।
ਹਾਲਾਂਕਿ ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਸੀ ਕਿ ਜੇ 2 ਦਸੰਬਰ ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਅਕਾਲ ਤਖ਼ਤ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ।






















