Sangrur by election 2022: ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਸ਼ਰਾਬ ਮਾਫ਼ੀਆ, ਰੇਤ, ਟਰਾਂਸਪੋਰਟ ਤੇ ਭੂ ਮਾਫ਼ੀਆ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਪੈਦਾ ਕੀਤੇ ਗਏ ਹਨ ਜਿਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਨੇ ਜੜ੍ਹੋਂ ਉਖਾੜਨ ਦਾ ਤਹੱਈਆ ਕੀਤਾ ਹੋਇਆ ਹੈ। ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਦੇ ਲੀਡਰ ਹਮੇਸ਼ਾਂ ਗੈਂਗਸਟਰਾਂ ਨੂੰ ਬਚਾਉਂਦੇ ਰਹੇ ਹਨ ਪਰ ‘ਆਪ’ ਸਰਕਾਰ ਡੂੰਘਾਈ ਨਾਲ ਜਾਂਚ ਕਰਵਾ ਰਹੀ ਹੈ। ਜਾਂਚ ਦੌਰਾਨ ਜੇਕਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਜਾਂ ਕਿਸੇ ਅਫ਼ਸਰ ਦੇ ਸਬੰਧ ਗੈਗਸਟਰਾਂ ਨਾਲ ਪਾਏ ਗਏ ਤਾਂ ਉਹ ਵੀ ਸਲਾਖ਼ਾਂ ਪਿੱਛੇ ਹੋਣਗੇ।



ਚੀਮਾ ਨੇ ਕਾਂਗਰਸ ਨਾਲ ਸਬੰਧਤ ਸਾਬਕਾ ਮੰਤਰੀਆਂ ਬਾਰੇ ਕਿਹਾ ਕਿ ਭਾਜਪਾ ਵਿੱਚ ਜਾਣ ਵਾਲੇ ਇਹ ਮੰਤਰੀ ਦਾਗੀ ਹਨ ਜੋ ਕੇਂਦਰ ਦਾ ਸਹਾਰਾ ਲੈਂਦੇ ਹੋਏ ਭਾਜਪਾ ਵਿੱਚ ਜਾ ਰਹੇ ਹਨ ਪਰ ਜੇਕਰ ਦੋਸ਼ ਸਾਬਤ ਹੋਏ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਆਖਿਆ ਸੀ ਕਿ ਉਹ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਦੇਣਗੇ ਪਰ ਉਨ੍ਹਾਂ ਨੇ ਨਾ ਲਿਸਟਾਂ ਦਿੱਤੀਆਂ ਤੇ ਨਾ ਸਬੂਤ ਦਿੱਤੇ। ਸਗੋਂ ਆਪਣੇ ਸਾਥੀਆਂ ਨੂੰ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਤੋਂ ਬਚਾਉਣ ਲਈ ਭਾਜਪਾ ਵਿੱਚ ਸ਼ਾਮਲ ਕਰਵਾ ਕੇ ‘ਦੁੱਧ ਧੋਤੇ’ ਬਣਾ ਦਿੱਤਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਪੰਜਾਬ ਵਿੱਚ ਆਪਣੀ ਸਾਖ ਗੁਆ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਦੀ ਸਰਕਾਰ ਦੇ ਰਾਜ ਦੌਰਾਨ ਹਰੇਕ ਮਹਿਕਮੇ ਦਾ ਅਫ਼ਸਰ ਕੰਮ ਕਰਵਾਉਣ ਬਦਲੇ ਰਿਸ਼ਵਤ ਲੈਣ ਤੋਂ ਤੌਬਾ ਕਰਨ ਲੱਗ ਪਿਆ ਹੈ। ਚੀਮਾ ਨੇ ਕਿਹਾ ਕਿ ਇਹ ਵੀ ਇਤਿਹਾਸ ਹੈ ਕਿ ਮੁੱਖ ਮੰਤਰੀ ਮਾਨ ਨੇ ਆਪਣੇ ਮੰਤਰੀ ਨੂੰ ਵੀ ਨਹੀਂ ਬਖਸ਼ਿਆ ਤੇ ਉਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਜੇਲ੍ਹ ਭੇਜਿਆ ਹੈ। ਉਨ੍ਹਾਂ ਕਿਹਾ ਕਿ ਅਤਿਵਾਦ ਦੌਰਾਨ ਪੰਜਾਬ ਪੁਲਿਸ ਨੇ ਸ਼ਾਂਤੀ ਕਾਇਮ ਰੱਖਣ ਲਈ ਕੰਮ ਕੀਤਾ ਸੀ ਤੇ ਹੁਣ ਗੈਂਗਸਟਰਾਂ ਖ਼ਿਲਾਫ਼ ਵੀ ਪੁਲੀਸ ਦੀ ਭੂਮਿਕਾ ਸਾਰਥਕ ਹੈ।