Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਅਜਿਹਾ ਸਿੱਖ ਰਾਜਸੀ ਕੈਦੀਆਂ ’ਤੇ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ?
ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਲਈ ਅਪਣਾਈ ਜਾ ਰਹੀ ਵਿਤਕਰੇ ਭਰੀ ਨੀਤੀ ਇਸ ਫੈਸਲੇ ਨਾਲ ਇਕ ਵਾਰ ਫਿਰ ਉਭਰ ਕੇ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਆਖਿਆ ਕਿ ਦੇਸ਼ ਦੀਆਂ ਜੇਲ੍ਹਾਂ ਵਿਚ ਤਿੰਨ-ਤਿੰਨ ਦਹਾਕਿਆਂ ਤੋਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਬਾਰੇ ਕੌਮ ਵੱਲੋਂ ਲੰਮੇ ਅਰਸੇ ਤੋਂ ਅਵਾਜ਼ ਉਠਾਈ ਜਾ ਰਹੀ ਹੈ, ਪਰ ਸਰਕਾਰਾਂ ਕੰਨ ਬੰਦ ਕਰੀ ਬੈਠੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿਚ ਕਤਲ, ਬਲਾਤਕਾਰ ਆਦਿ ਜਿਹੇ ਸੰਗੀਨ ਦੋਸ਼ਾਂ ਵਾਲੇ ਕੈਦੀਆਂ ’ਤੇ ਸਰਕਾਰਾਂ ਮਿਹਰਬਾਨ ਹੋਈਆਂ ਹਨ। ਦੂਸਰੇ ਪਾਸੇ ਸਿੱਖ ਬੰਦੀਆਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਇਥੋਂ ਤੱਕ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਕ ਸਹਿਮਤੀ ਦੇਣ ਨਾਲ ਸੰਭਵ ਹੋ ਸਕਦੀ ਹੈ, ਪਰ ਉਥੋਂ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿੱਖ ਵਿਰੋਧੀ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੇ ਹਨ।
ਇਸੇ ਤਰ੍ਹਾਂ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਦਾ ਮਾਮਲਾ ਕਰਨਾਟਕਾ ਸਰਕਾਰ ਪਾਸ ਲੰਬਿਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਸਪੱਸ਼ਟ ਹਦਾਇਤ ਦੇ ਬਾਵਜੂਦ ਵੀ ਸਰਕਾਰਾਂ ਟਾਲ-ਮਟੋਲ ਅਤੇ ਵਿਰੋਧ ਵਾਲੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜੇਕਰ ਰਾਜੀਵ ਗਾਂਧੀ ਕਤਲ ਕੇਸ ਵਿਚ ਸ਼ਾਮਲ ਦੋਸ਼ੀਆਂ ਦੀ ਰਿਹਾਈ ਲਈ ਤਾਮਿਲਨਾਡੂ ਸੂਬੇ ਦੀ ਸਰਕਾਰ ਸਿਫਾਰਸ਼ ਕਰ ਸਕਦੀ ਹੈ, ਤਾਂ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ਵਿਚ ਕੇਂਦਰ ਅਤੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਕਿਉਂ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤਾਂ ਸਜ਼ਾਵਾਂ ਪੂਰੀਆਂ ਹੋਣ ਨਾਲ ਵੀ ਜੁੜੀ ਹੋਈ ਹੈ, ਜਦਕਿ ਰਾਜੀਵ ਗਾਂਧੀ ਕਤਲ ਦੇ ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਗਈ ਹੈ। ਇਹ ਵਿਤਕਰਾ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ, ਜਿਸ ਬਾਰੇ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ।