ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ।
ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਹੱਥਿਆਕਾਂਡ ਦਾ ਬਦਲਾ ਲੈਣ ਲਈ ਸਾਲਾਂ ਬੱਧੀ ਉਡੀਕ ਕੀਤੀ ਸੀ, ਜਿੱਥੇ ਜਨਰਲ ਡਾਇਰ ਦੇ ਹੁਕਮਾਂ `ਤੇ ਅੰਗਰੇਜ਼ਾਂ ਵੱਲੋਂ ਸੈਂਕੜੇ ਬੇਗੁਨਾਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।


ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਰਗਾੜੀ ਮਾਮਲੇ ‘ਚ ਸ਼ਾਂਤਮਈ ਢੰਗ ਨਾਲ ਸ਼ਬਦ ਗਾਇਨ ਕਰ ਰਹੇ ਨਿਹੱਥੇ ਸਿੱਖ ਗੋਲੀਬਾਰੀ ਵਿਚ ਮਾਰੇ ਗਏ ਸਨ ਅਤੇ ਇਸ ਘਟਨਾ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਹੀ ਜ਼ਿੰਮੇਵਾਰ ਹਨ।


ਸ਼ਹੀਦ ਊਧਮ ਸਿੰਘ ਦੇ ਅਜ਼ਾਦੀ ਸੰਘਰਸ਼ ਵਿਚ ਪਾਏ ਯੋਗਦਾਨ ਨੂੰ ਸਿਜਦਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੂੰ ਜਨਮ ਦੇਣ ਵਾਲੀ ਇਸ ਧਰਤੀ ਲਈ ਉਨ੍ਹਾਂ ਦਾ ਸਿਰ ਸ਼ਰਧਾ ਨਾਲ ਝੁਕਦਾ ਹੈ ਅਤੇ ੳਨ੍ਹਾਂ ਨੂੰ ਇਸ ਗੱਲ `ਤੇ ਮਾਣ ਹੈ ਕਿ ਉਨ੍ਹਾਂ ਦੇ ਸਰਕਾਰ ਦੇ ਕਾਰਜਕਾਲ ਦੌਰਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਯਾਦਗਾਰ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਸਮੇਂ ਉਹ ਸੈਰ-ਸਪਾਟਾ ਮੰਤਰੀ ਸਨ ਅਤੇ ਦਮਨ ਥਿੰਦ ਬਾਜਵਾ ਨੇ ਉਨ੍ਹਾਂ ਕੋਲ ਪਹੁੰਚ ਕਰਕੇ ਯਾਦਗਾਰ ਦੀ ਮਨਜ਼ੂਰੀ ਲਈ ਬੇਨਤੀ ਕੀਤੀ ਸੀ ਜਿਸ ਉਪਰੰਤ ਇਹ ਯਾਦਗਾਰ ਉਸਾਰੀ ਗਈ।


ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਸੰਗਰੂਰ ਸ਼ਹਿਰ ਦੇ ਨੇੜੇ ਪਿੰਡ ਬਡਰੁੱਖਾਂ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਰੇਗੀ ਅਤੇ ਇਸ ਸਬੰਧੀ ਤਿਆਰੀਆਂ ਪਹਿਲਾਂ ਹੀ ਜ਼ੋਰਾਂ `ਤੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਜੁਟੀ ਹੋਈ ਹੈ ਜੋ ਕਿ ਹਾਲ ਹੀ ਦੇ ਫੈਸਲਿਆਂ ਤੋਂ ਸਪੱਸ਼ਟ ਦਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਬਾਦਲਾਂ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਅਤੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਨਵੇਂ ਬਣੇ ਕੈਬਨਿਟ ਮੰਤਰੀ ਰਾਜਾ ਵੜਿੰਗ ਨੂੰ ਬਾਦਲਾਂ ਦੇ ਗੈਰਕਾਨੂੰਨੀ ਟਰਾਂਸਪੋਰਟ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ।


ਮੁੱਖ ਮੰਤਰੀ ਚੰਨੀ ਨੇ ਆਪਣੇ ਕੈਬਨਿਟ ਸਾਥੀ ਦੀ ਸ਼ਲਾਘਾ ਕਰਦਿਆਂ ਕਿਹਾ, "ਮੈਂ ਰਾਜਾ ਵੜਿੰਗ ਨੂੰ ਕਿਹਾ ਕਿ ਮੈਂ ਬਾਦਲਾਂ ਦੀਆਂ ਗੈਰ-ਕਾਨੂੰਨੀ ਬੱਸਾਂ ਨੂੰ ਥਾਣਿਆਂ ਵਿਚ ਵੇਖਣਾ ਚਾਹੁੰਦਾ ਹਾਂ। ਉਹਨਾਂ ਨੇ ਇਸੇ ਅਨੁਸਾਰ ਕਾਰਵਾਈ ਕੀਤੀ ਅਤੇ ਪੂਰੀ ਤਨਦੇਹੀ ਨਾਲ ਗੈਰ-ਕਾਨੂੰਨਨੀ ਬੱਸਾਂ ਦਾ ਪਤਾ ਲਗਾਇਆ ਅਤੇ ਡਿਫਾਲਟਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ।

ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਉਹਨਾਂ ਦੀਆਂ ਕਾਰਵਾਈਆਂ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਲੋਕਾਂ ਦਾ ਭਰੋਸਾ ਜਿੱਤਣ 'ਚ ਬੁਰੀ ਤਰ੍ਹਾਂ ਅਸਫਲ ਰਹੇ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬੇਰਹਿਮੀ ਨਾਲ ਲੁੱਟਿਆ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904