ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇ ਮਰਨ ਵਰਤ ਦੌਰਾਨ ਡੱਲੇਵਾਲ ਦੀ ਮੌਤ ਹੁੰਦੀ ਹੈ ਤਾਂ ਇਸਦੀ ਜ਼ਿੰਮੇਵਾਰ ਕੇਂਦਰ ਤੇ ਸੂਬਾ ਸਰਕਾਰਾਂ ਹੋਵੇਗੀ। ਇਸ ਦੇ ਨਾਲ ਹੀ ਇਸ ਅੰਦੋਲਨ ਨੂੰ ਜਾਰੀ ਰੱਖਣ ਲਈ ਹੋਰ ਕਿਸਾਨ ਆਗੂ ਮਰਨ ਵਰਤ ਦੀ ਅਗਵਾਈ ਕਰਨਗੇ।
Farmer News: ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਮਰਨ ਵਰਤ ਰੱਖਣ ਦੀ ਚਿਤਾਵਨੀ ਦਿੱਤੀ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦਿੱਤੀ। ਮੋਰਚੇ ਨੇ ਐਲਾਨ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ ਮਰਨ ਵਰਤ ਸ਼ੁਰੂ ਕਰਨਗੇ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ।
ਇਸ ਦੌਰਾਨ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਦੋਸ਼ ਲਾਏ। ਪ੍ਰੈਸ ਕਾਨਫਰੰਸ ਵਿੱਚ ਤਿੰਨ ਅਹਿਮ ਪਹਿਲੂ ਉਠਾਏ ਗਏ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਤੇ ਖਾਦ ਤੇ ਫਸਲ ਦੀ ਖਰੀਦ ਵਿੱਚ ਪਾਰਦਰਸ਼ਤਾ ਸਮੇਤ ਉਨ੍ਹਾਂ ਦੀਆਂ ਕਈ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਾਰ-ਵਾਰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇ ਮਰਨ ਵਰਤ ਦੌਰਾਨ ਡੱਲੇਵਾਲ ਦੀ ਮੌਤ ਹੁੰਦੀ ਹੈ ਤਾਂ ਇਸਦੀ ਜ਼ਿੰਮੇਵਾਰ ਕੇਂਦਰ ਤੇ ਸੂਬਾ ਸਰਕਾਰਾਂ ਹੋਵੇਗੀ। ਇਸ ਦੇ ਨਾਲ ਹੀ ਇਸ ਅੰਦੋਲਨ ਨੂੰ ਜਾਰੀ ਰੱਖਣ ਲਈ ਹੋਰ ਕਿਸਾਨ ਆਗੂ ਮਰਨ ਵਰਤ ਦੀ ਅਗਵਾਈ ਕਰਨਗੇ।
17 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਨੌਰੀ ਬਾਰਡਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 18 ਨਵੰਬਰ ਨੂੰ ਇੱਕ ਹੋਰ ਪ੍ਰੈਸ ਕਾਨਫਰੰਸ ਕਰਕੇ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਕੀਤੇ ਜਾ ਰਹੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਭਾਅ ਤੇ ਵਜ਼ਨ ਘਟਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਖਾਦਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। 1350 ਰੁਪਏ ਦੀ ਖਾਦ ਦਾ ਇੱਕ ਥੈਲਾ 1750 ਰੁਪਏ ਵਿੱਚ ਵਿਕ ਰਿਹਾ ਹੈ, ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।