Farmers Protest: ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਘੇਰੀ ਬੈਠੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਪਾਸਾ ਵੀ ਜਾਮ ਕਰ ਦਿੱਤਾ ਜਾਵੇਗਾ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲਾਇਆ ਗਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਭੇਜੇ ਯਾਦ ਪੱਤਰ ਦੇ ਬਾਵਜੂਦ ਸਰਕਾਰ ਨੇ ਟਾਲਮਟੋਲ ਵਾਲਾ ਵਤੀਰਾ ਅਪਣਾਇਆ ਹੋਇਆ ਹੈ। ਇਥੋਂ ਤੱਕ ਕਿ ਮੋਰਚੇ ਦੇ ਸਥਾਨ ’ਤੇ ਰਾਤ ਨੂੰ ਸੱਪ ਲੜਨ ਕਾਰਨ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਤੇ ਇੱਕ ਜੀਅ ਨੂੰ ਪੱਕੀ ਨੌਕਰੀ ਤੋਂ ਇਲਾਵਾ ਪਰਿਵਾਰ ਸਿਰ ਚੜ੍ਹੇ ਸਾਰੇ ਕਰਜ਼ੇ ਦੇ ਖਾਤਮੇ ਬਾਰੇ ਵੀ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਪਾਸਾ ਵੀ ਜਾਮ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ ਵੀਰਵਾਰ ਨੂੰ ਪੱਕੇ ਮੋਰਚੇ ਦੇ 12ਵੇਂ ਦਿਨ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕੀਤਾ ਤੇ ਕਲੋਨੀ ਦੇ ਸਾਹਮਣੇ ਵਾਲੇ ਪਾਸੇ ਦੀ ਸੜਕ ਉਪਰ ਮੁਕੰਮਲ ਤੌਰ ’ਤੇ ਆਵਾਜਾਈ ਠੱਪ ਕਰ ਦਿੱਤੀ। ਘਿਰਾਓ ਦੌਰਾਨ ਪੰਜਾਬ ਭਰ ਤੋਂ ਪੁੱਜੇ ਕਿਸਾਨਾਂ ਦਾ ਹੜ੍ਹ ਆਇਆ ਹੋਇਆ ਸੀ। ਕਲੋਨੀ ਦੇ ਮੁੱਖ ਗੇਟ ਵਾਲੇ ਪਾਸੇ ਪੁਲਿਸ, ਵਿਚਕਾਰ ਲੋਹੇ ਦੇ ਵੱਡੇ-ਵੱਡੇ ਬੈਰੀਕੇਡ ਤੇ ਸਾਹਮਣੇ ਸੜਕ ਉਪਰ ਹਜ਼ਾਰਾਂ ਕਿਸਾਨ ਡਟੇ ਹੋਏ ਹਨ।
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਕੀਤਾ ਕਿ ਘਿਰਾਓ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਡਰੀਮਲੈਂਡ ਕਲੋਨੀ ਦੇ ਵਸਨੀਕਾਂ ਦੀ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨ ਮੁੱਖ ਮੰਤਰੀ ਨਾਲ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਬੀਤੀ 9 ਅਕਤੂਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਵਾਲੀ ਸੜਕ ਉਪਰ ਅਣਮਿਥੇ ਸਮੇਂ ਲਈ ਦਿਨ-ਰਾਤ ਦੇ ਪੱਕੇ ਮੋਰਚੇ ’ਤੇ ਡਟੇ ਹੋਏ ਹਨ।
ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਸਾਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਪੰਜਾਬ ਦੇ ਕੁਝ ਖਾਨਦਾਨੀ ਫਿਰਕਾਪ੍ਰਸਤ ਆਗੂ ਅਤੇ ਭਟਕੇ ਹੋਏ ਕੁਝ ਨੌਜਵਾਨ ਲੋਕਾਂ ’ਚ ਵੰਡੀਆਂ ਪਾਉਣ ਲਈ ਯਤਨਸ਼ੀਲ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਜਥੇਬੰਦੀ ਦੀ ਧਰਮ ਨਿਰਪੱਖਤਾ ਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਉਪਰ ਪਹਿਰਾ ਦੇਣ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਤੱਕ ਕਿਸਾਨ ਮੋਰਚੇ ਵਿੱਚ ਡਟਣ ਦਾ ਸੱਦਾ ਦਿੱਤਾ।