Punjab News: ਪੰਜਾਬ ਦੀ ਸਰਕਾਰ ਤੇ ਸੂਬੇ ਦੇ ਗਵਰਨਰ ਵਿਚਾਲੇ ਛਿੜਿਆ ਹੋਇਆ ਕਲੇਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਇਸ ਦਾ ਚਰਚਾ ਪੰਜਾਬ ਵਿਧਾਨ ਸਭਾ ਵਿੱਚ ਵੀ ਜਮ ਕੇ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇ ਰਾਜਪਾਲ ਸੂਬਿਆਂ ਦੇ ਕੰਮਾਂ 'ਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ ?


ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਵਿੱਚ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਕੇਂਦਰ ਨੇ ਇੱਕ ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਹੈ ਜਿਸ ਨੂੰ ਰਾਜਪਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਾ ਅਹੁਦਾ ਅੰਗਰੇਜ਼ਾਂ ਦੇ ਸ਼ਾਸਨਕਾਲ ਵੇਲੇ ਵੀ ਮੌਜੂਦ ਸੀ ਅਤੇ ਅਜੇ ਵੀ ਕੇਂਦਰ ਦੇ ਚੁਣੇ ਹੋਏ ਇਹ ਲੋਕ ਉਸੇ ਤਰ੍ਹਾਂ ਸ਼ਾਹੀ ਠਾਠ-ਬਾਠ ਨਾਲ ਰਹਿੰਦੇ ਹਨ, ਜਿਵੇਂ ਉਨ੍ਹਾਂ ਤੋਂ ਪਹਿਲਾਂ ਰਹਿੰਦੇ ਸਨ। 







ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਰਾਜ ਭਵਨ ਹੁਣ ਸੂਬੇ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ ਵਿੱਚ ਬੇਲੋੜੇ ਅੜਿੱਕੇ ਡਾਹ ਰਹੇ ਹਨ।  ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਜੇਕਰ ਰਾਜਪਾਲ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਇਸ ਲਈ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ।” ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਦਾ ਰਿਕਾਰਡ ਸਦਨ ਵਿਚ ਪੇਸ਼ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਅਜਿਹੇ ਪੱਤਰ ਲਿਖਣ ਦੀ ਬਜਾਏ ਆਰ.ਡੀ.ਐਫ. ਵਰਗੇ ਮੁੱਦਿਆਂ ਨੂੰ ਕੇਂਦਰ ਕੋਲ ਹੱਲ ਕਰਵਾਉਣ ਲਈ ਤਰੱਦਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਪੰਜਾਬ ਦੇ ਹੀ ਰਾਜਪਾਲ ਅਕਸਰ ਹੀ ਦੂਜੇ ਪਾਸੇ ਭੁਗਤਦੇ ਨਜ਼ਰ ਆਉਂਦੇ ਹਨ।