Punjab news: ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ - ਕੈਬਨਿਟ ਮੰਤਰੀ
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ ਹੈ।
Punjab news: ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ 'ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ।
ਇਹ ਸਮਝੌਤਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਭਗਤ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਸਹੀਬੱਧ ਕੀਤਾ ਗਿਆ।
ਸਮਝੌਤਾ ਸਹੀਬੱਧ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਤੋਂ ਇਲਾਵਾ ਈ-ਮੋਬੀਲਿਟੀ ਸੈਕਟਰ ਲਈ ਸੈਂਟਰ ਆਫ ਐਕਸੀਲੈਂਸ ਰਾਹੀਂ ਮੈਨਪਾਵਰ ਦੀ ਸਕਿੱਲ ਟਰਾਂਸਫਰ ਟਰੇਨਿੰਗ ਦੇ ਨਾਲ-ਨਾਲ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਦਾ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਸਥਾਪਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਵਿੱਚ ਹੈ ਭਾਰਤ ਦਾ ਸਭ ਤੋਂ ਛੋਟਾ ਸ਼ਹਿਰ, ਪਰ ਰੇਲਵੇ ਲਈ ਹੈ ਬੜਾ ਹੀ ਜ਼ਰੂਰੀ, ਜਾਣੋ
ਗ੍ਰੀਨ ਹਾਈਡ੍ਰੋਜਨ ਉਤਪਾਦਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਬੰਧੀ ਪਹਿਲਕਦਮੀ ਕਰਨ ਲਈ ਆਈ.ਆਈ.ਟੀ. ਰੋਪੜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਦਾ ਰਾਹ ਪੱਧਰਾ ਹੋਵੇਗਾ, ਜਿਸ ਵਿੱਚ ਯੁਟੀਲਿਟੀ ਵਾਹਨ, ਹਲਕੇ ਵਪਾਰਕ ਵਾਹਨਾਂ ਸਮੇਤ ਵਾਹਨਾਂ ਦੀ ਇੱਕ ਵਿਆਪਕ ਸ਼੍ਰੇਣੀ ਨੂੰ ਕਵਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼ ਅਤੇ ਸਵੱਛ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬਾਰੇ ਚਰਚਾ ਕੀਤੀ।
ਇਹ ਵੀ ਪੜ੍ਹੋ: Punjab News: ਐਨਆਈਏ ਨੇ ਇੱਕੋ ਵੇਲੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮਾਰੀ ਰੇਡ, ਖਾਲਿਸਤਾਨੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਦੀ ਜਾਂਚ