ਰਮਨਦੀਪ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ 'ਚ ਗੈਰਕਾਨੂੰਨੀ ਸ਼ਰਾਬ ਦੇ ਮੁੱਦੇ 'ਤੇ ਪੰਜਾਬ ਸਰਕਾਰ ਕਸੂਤੀ ਘਿਰੀ ਹੋਈ ਹੈ। ਵਿਰੋਧੀ ਧਿਰਾਂ ਵੀ ਇਸ ਦਾ ਪੂਰਾ ਸਿਆਸੀ ਲਾਹਾ ਲੈ ਰਹੀਆਂ ਹਨ। ਰਾਜਪੁਰਾ ਤੇ ਖੰਨਾ 'ਚ ਫੜੀਆਂ ਗਈਆਂ ਗੈਰਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਨੇ ਸਰਕਾਰ ਦੇ ਨਾਲ-ਨਾਲ ਆਬਕਾਰੀ ਵਿਭਾਗ ਨੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਸ਼ਰਾਬ ਦੀਆਂ ਫੈਕਟਰੀਆਂ ਲੰਮੇ ਸਮੇਂ ਤੋਂ ਚੱਲਦੀਆਂ ਰਹੀਆਂ ਹਨ ਤੇ ਪੁਲਿਸ ਵਿਭਾਗ ਸਵਾਲਾਂ ਦੇ ਘੇਰੇ 'ਚ ਹੈ ਕਿ ਆਖਰ ਪੁਲਿਸ ਨੂੰ ਇਸ ਦੀ ਭਿਣਕ ਕਿਉਂ ਨਹੀਂ ਲੱਗੀ।
ਗੈਰਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਦੇ ਮਾਮਲੇ 'ਚ ਅਕਾਲੀ ਦਲ ਕਾਂਗਰਸ ਨੂੰ ਬੁਰੀ ਤਰ੍ਹਾਂ ਘੇਰ ਰਿਹਾ ਹੈ। ਇਸ ਦਰਮਿਆਨ ਰਾਜਪੁਰਾ ਤੋਂ ਅਕਾਲੀ ਦਲ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ, ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਤੇ ਲੁਧਿਆਣਾ ਤੋਂਸੰਸਦ ਮੈਂਬਰ ਰਵਨੀਤ ਬਿੱਟੂ ਖ਼ਿਲਾਫ਼ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕਰ ਰਿਹਾ ਹੈ।
ਦਰਅਸਲ ਕਾਂਗਰਸੀ ਦਸ ਸਾਲ ਦੇ ਰਾਜ ਦੌਰਾਨ ਅਕਾਲੀ-ਬੀਜੇਪੀ ਤੇ ਮਾਫੀਆ ਰਾਜ ਨੂੰ ਵਧਾਉਣ ਦੇ ਇਲਜ਼ਾਮ ਲਾਉਂਦੇ ਰਹੇ ਸਨ। ਹੁਣ ਅਕਾਲੀ ਇਸ ਦਾ ਬਦਲਾ ਲੈਂਦਿਆਂ ਮਾਫੀਆ ਰਾਜ ਤੇ ਕੈਪਟਨ ਸਰਕਾਰ ਨੂੰ ਸਵਾਲਾਂ ਦੇ ਕਟਹਿਰੇ 'ਚ ਖੜ੍ਹਾ ਕਰ ਰਹੇ ਹਨ। ਕੋਰੋਨਾ ਸੰਕਟ ਦਰਮਿਆਨ ਕੈਪਟਨ ਸਰਕਾਰ ਲਈ ਵੱਡੀ ਮੁਸੀਬਤ ਆਬਕਾਰੀ ਘਾਟਾ, ਗੈਰਕਾਨੂੰਨੀ ਸ਼ਰਾਬ ਬਣੀ ਹੋਈ ਹੈ। ਇਸ ਮੁੱਦੇ ਤੇ ਵਿਰੋਧੀਆਂ ਹੱਥ ਚੰਗਾ ਮੌਕਾ ਲੱਗਾ ਹੈ ਤੇ ਉਹ ਕੋਈ ਮੌਕਾ ਖਾਲੀ ਨਹੀਂ ਜਾਣ ਦੇਣਾ ਚਾਹੁੰਦੇ।
ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਹੋਣ ਦੇ ਬਾਵਜੂਦ ਉਹ ਸ਼ਰਾਬ ਤਸਕਰੀ ਕਰਨ ਵਾਲੇ ਕਾਂਗਰਸੀ ਨੇਤਾਵਾਂ ਖ਼ਿਲਾਫ਼ ਕਾਰਵਾਈ ਕਰਨ 'ਚ ਅਸਫ਼ਲ ਕਿਉਂ ਰਹੇ। ਅਕਾਲੀ ਦਲ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਸਕਰਾਂ ਦੇ ਨਾਂ ਜਨਤਕ ਕਰਨ ਦੇ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਕਾਲੀ ਨੇਤਾਵਾਂ ਨਾਲ ਇਕ ਮੀਟਿੰਗ 'ਚ ਇਹ ਸਵੀਕਾਰ ਕੀਤਾ ਸੀ ਕਿ ਉਨ੍ਹਾਂ ਨੂੰ ਕਾਂਗਰਸੀ ਨੇਤਾਵਾਂ ਦੇ ਸ਼ਰਾਬ ਕਾਰੋਬਾਰ 'ਚ ਸ਼ਾਮਲ ਹੋਣ ਸਬੰਧੀ ਪੂਰੀ ਜਾਣਕਾਰੀ ਸੀ। ਇਸ ਦੀ ਪੁਸ਼ਟੀ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਕੀਤੀ ਸੀ।
ਉਧਰ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਚੀਮਾ ਨੇ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਾਫੀਆ ਰਾਜ ਨੂੰ ਸ਼ਹਿ ਦੇ ਰਹੇ ਹਨ। ਉਨ੍ਹਾਂ ਤੋਂ ਪਹਿਲਾਂ ਕੈਪਟਨ ਨੇ ਸੂਬੇ 'ਚ ਟਰਾਂਸਪੋਰਟ ਮਾਫੀਆਂ, ਕੇਬਲ ਮਾਫੀਆ, ਰੇਤ ਮਾਫੀਆ, ਸ਼ਰਾਬ ਮਾਫੀਆ ਤੇ ਨਸ਼ੇ ਦਾ ਚਾਰ ਹਫਤੇ 'ਚ ਖਾਤਮਾ ਕਰਨ ਦਾ ਵਾਅਦਾ ਕੀਤਾ ਸੀ। ਪਰ ਹੁਣ ਕੈਪਟਨ ਕੋਲ ਆਬਕਾਰੀ ਵਿਭਾਗ ਹੋਣ ਕਾਰਨ ਉਨ੍ਹਾਂ ਨੂੰ ਇਸ ਸਭ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।