IMD Weather Update: ਦੇਸ਼ ਭਰ ਵਿੱਚ ਮਾਨਸੂਨ ਦੀ ਬਾਰਸ਼ ਨੇ ਕਈ ਰਾਜਾਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਕਈ ਥਾਵਾਂ ’ਤੇ ਬਰਸਾਤ ਦਾ ਪਾਣੀ ਸੜਕਾਂ ’ਤੇ ਭਰ ਗਿਆ ਤੇ ਕਈ ਥਾਵਾਂ ’ਤੇ ਇਸ ਨੇ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ 16 ਅਗਸਤ ਬੁੱਧਵਾਰ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਨਾਲ ਹੀ, ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰਵ ਅਨੁਮਾਨ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਵਿੱਚ ਮੀਂਹ ਨਹੀਂ ਪਵੇਗਾ ਅਤੇ ਮੌਸਮ ਸੁਹਾਵਣਾ ਰਹੇਗਾ।


ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਅਜੇ ਵੀ ਸਰਗਰਮ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ 2 ਤੋਂ 3 ਦਿਨਾਂ ਦੌਰਾਨ ਬਿਜਲੀ ਦੇ ਨਾਲ-ਨਾਲ ਭਾਰੀ ਮੀਂਹ ਵੀ ਪੈ ਸਕਦਾ ਹੈ। ਇਸ ਤੋਂ ਇਲਾਵਾ ਵੀਰਵਾਰ 17 ਅਗਸਤ ਤੱਕ ਉੱਤਰ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।


 






ਪੰਜਾਬ ਦਾ ਮੌਸਮ


 ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਮੌਸਮ ਖੁਸ਼ਕ ਰਹੇਗਾ ਅਤੇ ਕੁਝ ਥਾਵਾਂ 'ਤੇ ਬੱਦਲਵਾਈ ਰਹੇਗੀ। ਗਰਮੀ ਦੇ ਕਰਕੇ ਹੁੰਮਸ ਬਣੀ ਰਹੇਗੀ।


ਰੈੱਡ ਅਲਰਟ ਜਾਰੀ ਕੀਤਾ ਗਿਆ ਹੈ
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੋਵਾਂ ਰਾਜਾਂ ਵਿੱਚ ਕੁਦਰਤ ਦਾ ਕਹਿਰ ਜਾਰੀ ਹੈ। ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਰਾਜਾਂ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਦੋਵਾਂ ਰਾਜਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੇਸ਼ ਵਿੱਚ ਸਭ ਤੋਂ ਵੱਧ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਬਦਰੀਨਾਥ, ਕੇਦਾਰਨਾਥ ਅਤੇ ਗੰਗੋਤਰੀ ਮੰਦਰਾਂ ਨੂੰ ਜਾਣ ਵਾਲੀਆਂ ਸੜਕਾਂ ਢਿੱਗਾਂ ਡਿੱਗਣ ਕਾਰਨ ਨੁਕਸਾਨੀਆਂ ਗਈਆਂ।



ਹਲਕੀ ਬਾਰਿਸ਼ ਦੀ ਸੰਭਾਵਨਾ
16 ਅਤੇ 17 ਅਗਸਤ ਨੂੰ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅਗਲੇ 10 ਦਿਨਾਂ ਦੌਰਾਨ ਸੂਬੇ ਵਿੱਚ ਮਾਨਸੂਨ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਬਿਹਾਰ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।