ਚੰਡੀਗੜ੍ਹ: ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਕਿਸਾਨਾਂ ਨੂੰ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਲਈ ਸਭ ਤੋਂ ਵੱਡੀ ਚੁਣੌਤੀ ਹੈ। ਇਸ ਲਈ ਪੰਜਾਬ ਸਰਕਾਰ ਨੇ ਹੁਣ ਤੋਂ ਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਤੇ ਬਦਲੀਆਂ ’ਤੇ ਪਾਬੰਦੀ ਲਾ ਦਿੱਤੀ ਗਈ ਹੈ।


ਇਸ ਸਬੰਧੀ ਕਾਰਪੋਰੇਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਇਹ ਹੁਕਮ ਤੁਰੰਤ ਲਾਗੂ ਕਰ ਦਿੱਤੇ ਗਏ ਹਨ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਹ ਪ੍ਰਬੰਧਕੀ ਆਧਾਰ ’ਤੇ ਹੋਣ ਵਾਲੇ ਹੁਕਮਾਂ ਉਤੇ ਲਾਗੂ ਨਹੀਂ ਹੋਵੇਗਾ। ਪਾਵਰ ਕਾਰਪੋਰੇਸ਼ਨ ਦੇ ਡਿਪਟੀ ਸੈਕਟਰੀ ਜੋਨਜ਼ ਵੱਲੋਂ ਮੀਮੋ ਨੰ:4191/4300 ਵਿੱਚ ਦੱਸਿਆ ਹੈ ਕਿ ਰਾਜ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਚੰਗੀਆਂ ਸੇਵਾਵਾਂ ਦੇਣ ਲਈ ਇਹ ਪਾਬੰਦੀਆਂ ਲਾਈਆਂ ਗਈਆਂ ਹਨ ਕਿਉਂਕਿ ਅਧਿਕਾਰੀ ਤੇ ਕਰਮਚਾਰੀ ਜਿੱਥੇ ਤਾਇਨਾਤ ਹਨ ਤੇ ਉਥੋਂ ਦੇ ਇਲਾਕੇ ਦੀਆਂ ਬਿਜਲੀ ਤਕਲੀਫ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਸ ਕਰਕੇ ਉਨ੍ਹਾਂ ਦੇ ਤਬਾਦਲੇ ਰੋਕੇ ਗਏ ਹਨ।


ਸਾਰੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਵੱਧ ਤੋਂ ਵੱਧ ਬਿਜਲੀ ਪੈਦਾਵਾਰ ਦੇ ਯਤਨ


ਦੱਸ ਦਈਏ ਕਿ ਪੰਜਾਬ ਵਿੱਚ ਪੈ ਰਹੀ ਕਹਿਰ ਦੀ ਗਰਮੀ ਕਾਰਨ ਬਿਜਲੀ ਦੀ ਮੰਗ ਵਧਣ ਉਪਰੰਤ ਜਿੱਥੇ ਗੋਇੰਦਵਾਲ ਨੂੰ ਛੱਡ ਕੇ ਪੰਜਾਬ ਦੇ ਸਾਰੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਵੱਧ ਤੋਂ ਵੱਧ ਬਿਜਲੀ ਪੈਦਾਵਾਰ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਸੂਬੇ ਦੇ ਸਰਕਾਰੀ ਥਰਮਲ ਪਲਾਂਟਾਂ ਤੇ ਨਹਿਰੀ ਪ੍ਰਾਜੈਕਟਾਂ ਰਾਹੀਂ ਵੀ ਵੱਧ ਤੋਂ ਵੱਧ ਬਿਜਲੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਂਝ ਸਰਕਾਰੀ ਥਰਮਲ ਪਲਾਂਟਾਂ ਦੇ ਚਾਰ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਪਏ ਹਨ ਤੇ ਨਹਿਰੀ ਪ੍ਰਾਜੈਕਟਾਂ ਦੇ ਉਤਪਾਦਨ ਵਿੱਚ ਪਾਣੀ ਦੀ ਘਾਟ ਅੜਿੱਕਾ ਬਣ ਰਹੀ ਹੈ।


ਪਾਵਰਕੌਮ ਦੇ ਲੋਡ ਡਿਸਪੈਚ ਸੈਂਟਰ ਮੁਤਾਬਕ ਸਰਕਾਰੀ ਥਰਮਲ ਪਲਾਂਟਾਂ ਵਿੱਚੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਤਿੰਨ ਯੂਨਿਟ 527 ਮੈਗਾਵਾਟ, ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦਾ 4 ਨੰਬਰ ਯੂਨਿਟ ਨੇ 170 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤੀ।