ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਹੁਣ ਕਾਂਗਰਸ ਵੱਲੋਂ ਦਲਿਤਾਂ ਅਤੇ ਗ਼ਰੀਬ ਵਰਗਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਇੱਕ ਤੋਂ ਬਾਅਦ ਇੱਕ ਮੋਰਚਾ ਖੋਲ੍ਹੇਗੀ ਤਾਂ ਕਿ ਪੰਜਾਬ ਸਰਕਾਰ ‘ਤੇ ਵਾਅਦੇ ਪੂਰੇ ਕਰਨ ਦਾ ਦਬਾਅ ਬਣਾਇਆ ਜਾ ਸਕੇ।

'ਆਪ' ਦੇ ਐਸਸੀ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਹਿ ਪ੍ਰਧਾਨ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਦੌਰਾਨ ਵਿੰਗ ਵੱਲੋਂ ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜ ਲੋਕਾਂ ਨੂੰ ਵਾਅਦੇ ਅਨੁਸਾਰ 2500 ਰੁਪਏ ਪੈਨਸ਼ਨ ਅਤੇ ਯੋਗ ਦਲਿਤ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਂਟ ਨਾ ਦਿੱਤੇ ਜਾਣ ਵਿਰੁੱਧ ਸਰਕਾਰ ਖ਼ਿਲਾਫ਼ ਮੋਰਚਾ ਵਿੱਢਣ ਦਾ ਫ਼ੈਸਲਾ ਲਿਆ ਗਿਆ।

ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਭ ਤੋਂ ਵੱਧ ਦਲਿਤ ਵਿਰੋਧੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਢੇ ਤਿੰਨ ਸਾਲ ਲੰਘ ਚੁੱਕੇ ਹਨ ਪਰੰਤੂ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਨਿਭਾਉਣ ਵੱਲ ਕੋਈ ਕਦਮ ਨਹੀਂ ਚੁੱਕਿਆ, ਕਿਉਂਕਿ ਇਸ 'ਸ਼ਾਹੀ ਸਰਕਾਰ' ਦੀ ਦਲਿਤ ਵਿਰੋਧੀ ਸੋਚ ਹੋਣ ਕਾਰਨ ਦਲਿਤ ਵਰਗ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਐਸਸੀ ਵਿੰਗ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਮੋਰਚਾ ਖੋਲ੍ਹ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904