ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ ‘ਚ ਸ਼ੁਰੂ ਵਿਲੱਖਣ ਪਹਿਲ ‘ਆਮ ਆਦਮੀ ਕਲੀਨਿਕਾਂ’ ‘ਤੇ ਬੀਤੇ ਚਾਰ ਮਹੀਨਿਆਂ ਦੌਰਾਨ ‘ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਕਲੀਨਿਕਾਂ ‘ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਅੱਠ ਹਜ਼ਾਰ ਤੋਂ ਟੱਪ ਗਿਆ ਹੈ।
ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤੀਆਂ ਮੁਫ਼ਤ ਗੁਣਾਤਮਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸਕੀਮਾਂ ਦਾ ਲਾਭ ਉਠਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਆਮ ਲੋਕ ਆਪਣੀ ਸਿਹਤ ਦੇ ਇਲਾਜ਼ ਲਈ ਆਮ ਆਦਮੀ ਕਲੀਨਿਕਾਂ ਤੱਕ ਆਸਾਨੀ ਨਾਲ ਪਹੁੰਚ ਕੇ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 5,35,487 ਆਮ ਲੋਕ ਕਲੀਨਿਕਾਂ ‘ਤੇ ਆਪਣੀ ਸਿਹਤ ਦਾ ਇਲਾਜ ਅਤੇ 69,870 ਲੋਕ ਵੱਖ-ਵੱਖ ਲੈਬਾਰਟਰੀ ਟੈਸਟ ਕਰਵਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿੱਚੋਂ ਅੱਗੇ ਹੈ ਅਤੇ ਅੰਕੜਿਆਂ ਅਨੁਸਾਰ 14 ਨਵੰਬਰ ਤੱਕ ਐਸ.ਏ.ਐਸ. ਨਗਰ ਵਿੱਚ 80406 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 11045 ਲੈਬਾਰਟਰੀ ਟੈਸਟ ਕੀਤੇ ਜਾ ਚੁੱਕੇ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਵਿੱਚ 65861 ਮਰੀਜ਼ਾਂ ਦੇ ਇਲਾਜ ਅਤੇ 5603 ਕਲੀਨਿਕਲ ਟੈਸਟਾਂ ਨਾਲ ਦੂਜੇ ਸਥਾਨ ‘ਤੇ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਨੇ 44223 ਮਰੀਜ਼ਾਂ ਅਤੇ 5922 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ‘ਤੇ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਅਜਿਹੇ ਕਲੀਨਿਕਾਂ ਦਾ ਨੈੱਟਵਰਕ ਸਥਾਪਤ ਕਰਨ ਅਤੇ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਈ ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਅਨੁਸਾਰ, ਹੁਣ ਤੱਕ 100 ਕਲੀਨਿਕ (65 ਸ਼ਹਿਰੀ ਖੇਤਰਾਂ ਵਿੱਚ ਅਤੇ 35 ਪੇਂਡੂ ਖੇਤਰਾਂ ਵਿੱਚ) ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਜਲਦੀ ਹੀ ਅਜਿਹੇ ਹੋਰ ਕਲੀਨਿਕ ਸੂਬੇ ਭਰ ‘ਚ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜਲੀਆਂ ਥਾਵਾਂ ‘ਤੇ ਮਿਆਰੀ ਸਿਹਤ ਸੇਵਾਵਾਂ ਮੁਫਤ ਮਿਲ ਰਹੀਆਂ ਹਨ।
ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਉਪਰਾਲੇ ਨਾਲ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਆਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ 90 ਫੀਸਦੀ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਆਮ ਓ.ਪੀ.ਡੀ ਮਰੀਜ਼ਾਂ ਦੀ ਗਿਣਤੀ ਘਟ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ 98 ਕਿਸਮਾਂ ਦੀਆਂ ਦਵਾਈਆਂ ਅਤੇ 41 ਵੱਖ-ਵੱਖ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।