In a drug smuggling case Bikram Singh Majithia's judicial remand for 14 days
ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ਵਿੱਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਅਜੇ ਕੋਈ ਰਾਹਤ ਨਹੀਂ ਮਿਲਦੀ ਦਿਖਾਈ ਦੇ ਰਹੀ। ਅਦਾਲਤ ਨੇ ਮਜੀਠੀਆ ਦਾ ਜੁਡੀਸ਼ਲ ਰਿਮਾਂਡ 14 ਦਿਨਾਂ ਲਈ ਵਧਾ ਦਿੱਤਾ ਹੈ। ਮਜੀਠੀਆ ਕਾਫੀ ਸਮੇਂ ਤੋਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਹੈ ਪਰ ਅਜੇ ਕੋਈ ਰਾਹਤ ਨਹੀਂ ਮਿਲੀ।
ਦੱਸ ਦਈਏ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਅੱਜ ਇਸ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ।
ਅਦਾਲਤ ਨੇ 14 ਦਿਨਾਂ ਲਈ ਮਜੀਠੀਆ ਦੇ ਜੁਡੀਸ਼ਲ ਰਿਮਾਂਡ ਵਿੱਚ ਵਾਧਾ ਕਰਦਿਆਂ ਅਕਾਲੀ ਆਗੂ ਨੂੰ ਅਗਲੀ ਪੇਸ਼ੀ 'ਤੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ। ਕੁਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਬਿਕਰਮ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।
ਦੱਸ ਦਈਏ ਕਿ ਡਰੱਗਜ਼ ਮਾਮਲੇ 'ਚ ਜੇਲ੍ਹ ਅੰਦਰ ਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਸੀ। ਬੀਤੇ ਕੱਲ੍ਹ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਨਾਲ ਸਬੰਧਤ ਸੁਣਵਾਈ ਸੁਪਰੀਮ ਕੋਰਟ ਨੇ ਟਾਲ ਦਿੱਤੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। ਅੱਜ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਖ਼ਤਮ ਹੋ ਗਈ ਹੈ। ਇਸ ਲਈ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ।
ਮਜੀਠੀਆ ਨੇ ਪਿਛਲੇ ਹਫ਼ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਕਿ ਮੁਹਾਲੀ ਕੋਰਟ 'ਚ ਉਨ੍ਹਾਂ ਖਿਲਾਫ ਦਰਜ ਡਰੱਗਜ਼ ਕੇਸ ਨੂੰ ਰੱਦ ਕੀਤਾ ਜਾਵੇ। ਮਜੀਠੀਆ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ: Lakhimpur Kheri violence: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ