Sri muktsar sahib: ਪੁਲਿਸ 'ਤੇ ਵਕੀਲ ਨਾਲ ਅਣਮਨੁੱਖੀ ਵਤੀਰਾ ਕਰਨ ਦਾ ਮਾਮਲਾ, 3 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਹੋਵੇਗੀ ਇਹ ਕਾਰਵਾਈ
Sri muktsar sahib news: ਸ੍ਰੀ ਮੁਕਤਸਰ ਸਾਹਿਬ 'ਚ ਪੁਲਿਸ ਹਿਰਾਸਤ 'ਚ ਮੁਲਜ਼ਮ ਵਕੀਲ 'ਤੇ ਤਸ਼ੱਦਦ ਦੇ ਮਾਮਲੇ 'ਚ ਐਸਪੀ ਸਮੇਤ ਤਿੰਨ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ।
Sri muktsar sahib news: ਸ੍ਰੀ ਮੁਕਤਸਰ ਸਾਹਿਬ ਵਿੱਚ ਮੁਲਜ਼ਮ ਵਕੀਲ ਨੂੰ ਹਿਰਾਸਤ ਵਿੱਚ ਲੈ ਕੇ ਤਸ਼ੱਦਦ ਕਰਨ ਦੇ ਮਾਮਲੇ ਵਿੱਚ ਮੁਕਤਸਰ ਦੇ ਐਸਪੀ ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ, CIA ਇੰਚਾਰਜ ਇੰਸਪੈਕਟਰ ਰਮਨ ਕੁਮਾਰ ਅਤੇ ਕਾਂਸਟੇਬਲ ਹਰਬੰਸ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਸਪੀ ਅਤੇ ਸੀਆਈਏ ਇੰਚਾਰਜ ਇੰਸਪੈਕਟਰ ਸਮੇਤ ਛੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ
ਅੱਜ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਸੀ। ਉੱਥੇ ਹੀ 14 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਪੁਲਿਸ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਵਕੀਲ ਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਸੀਆਈਏ ਦੀ ਹਿਰਾਸਤ 'ਚ ਉਨ੍ਹਾਂ 'ਤੇ ਤਸ਼ੱਦਦ ਕੀਤਾ ਗਿਆ - ਵਕੀਲ ਦਾ ਦੋਸ਼
ਵਕੀਲ ਨੇ ਅਦਾਲਤ 'ਚ ਬਿਆਨ ਦੇ ਕੇ ਦੋਸ਼ ਲਗਾਇਆ ਹੈ ਕਿ ਸੀਆਈਏ ਦੀ ਹਿਰਾਸਤ 'ਚ ਉਨ੍ਹਾਂ 'ਤੇ ਤਸ਼ੱਦਦ ਕੀਤਾ ਗਿਆ ਹੈ। ਮੁਕਤਸਰ ਅਦਾਲਤ ਦੇ ਹੁਕਮਾਂ 'ਤੇ ਇਸ ਮਾਮਲੇ 'ਚ 6 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਮੁਲਜ਼ਮ ਪੁਲਿਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ 2 ਦਿਨਾਂ ਤੋਂ ਹੜਤਾਲ ’ਤੇ ਹੈ।
ਇਹ ਹੈ ਪੂਰਾ ਮਾਮਲਾ
ਵਕੀਲਾਂ ਨੇ ਦੱਸਿਆ ਨੇ ਪੁਲਿਸ ਵੱਲੋਂ ਵਕੀਲ ਸਿੰਘ ਸੰਧੂ ਨੂੰ ਚੁੱਕਿਆ ਗਿਆ ਤੇ ਥਾਣੇ ਵਿੱਚ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਤੱਕ ਪਹੁੰਚ ਕਰਕੇ ਦੱਸਿਆ ਕਿ ਉਨ੍ਹਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਵਿੱਚ ਅਰਜੀ ਲਾ ਕੇ ਦੁਬਾਰਾ ਮੈਡੀਕਲ ਕਰਵਾਉਣ ਦੀ ਮੰਗ ਕੀਤੀ ਜਿਸ ਤੋਂ ਬਾਅਦ ਅਦਾਲਤੀ ਹੁਕਮਾਂ ਬਾਅਦ ਕਰਵਾਏ ਗਏ ਮੈਡੀਕਲ ਵਿੱਚ ਵਕੀਲ ਦੇ 18 ਸੱਟਾਂ ਆਈਆਂ ਹਨ। ਇਸ ਸਭ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪੁਲਿਸ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਮੰਗ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।