Punjab News: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। 


ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਇਕ ਸੋਚੀ ਸਮਝੀ ਸਾਜ਼ਿਸ਼


ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੇ ਯਤਨ ਹੋ ਰਹੇ ਹਨ। 


ਦੋਸ਼ੀ ਨੂੰ ਮਿਲਣੀ ਚਾਹੀਦੀ ਹੈ ਸਖ਼ਤ ਸਜ਼ਾ


ਉਨ੍ਹਾਂ ਕਿਹਾ ਕਿ ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਬੇਅਦਬੀ ਕਰਨ ਵਾਲੇ ਨੂੰ ਜਿਥੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਉਥੇ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਘਟਨਾ ਪਿੱਛੇ ਕਾਰਜਸ਼ੀਲ ਸ਼ਕਤੀਆਂ ਕਿਹੜੀਆਂ ਹਨ। 


ਸਰਕਾਰਾਂ ਦੀ ਵੀ ਇਨਸਾਫ਼ ਨੂੰ ਲੈ ਕੇ ਢਿੱਲੀ ਕਾਰਗੁਜ਼ਾਰੀ


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਇਤਰਾਜ਼ ਵੀ ਜਿਤਾਇਆ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਦੇ ਲੋਕਾਂ ਨੂੰ ਬੇਪਰਦਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। 


ਪੁਲਿਸ ਅਜਿਹੇ ਲੋਕਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਪਤਾ ਲਗਾਵੇ


ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਪਟਿਆਲਾ ਦੇ ਪਿੰਡ ਮੋਹਲਗੜ੍ਹ ਦੀ ਘਟਨਾ ਸਬੰਧੀ ਇਮਾਨਦਾਰਾਨਾ ਪਹੁੰਚ ਅਪਣਾਵੇ ਅਤੇ ਫੜ੍ਹੇ ਗਏ ਦੋਸ਼ੀ ਨੂੰ ਕਰੜੀ ਸਜ਼ਾ ਦਿਵਾਉਣ ਦੇ ਨਾਲ-ਨਾਲ ਅਜਿਹੇ ਲੋਕਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਪਤਾ ਲਗਾਵੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।