ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਦਾਲਤ ਨੇ ਦੋਵਾਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਹੁਣ ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਸਥਾਨਕ ਅਦਾਲਤ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਦੱਸ ਦਈਏ ਕਿ ਸਾਬਕਾ ਮੰਤਰੀਆਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਫਸਾ ਰਹੀ ਹੈ।
ਦੱਸ ਦਈਏ ਕਿ ਮੁਹਾਲੀ ਅਦਾਲਤ ਨੇ ਸੋਮਵਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸੇ ਤਰ੍ਹਾਂ ਮੁਹਾਲੀ ਦੀ ਅਦਾਲਤ ਨੇ ਚੰਨੀ ਸਰਕਾਰ ਸਮੇਂ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਧਰਮਸੋਤ ਤੇ ਦਲਜੀਤ ਗਿਲਜ਼ੀਆਂ ਨੇ ਆਪਣੇ ਵਕੀਲ ਐਚਐਸ ਧਨੋਆ ਰਾਹੀਂ ਮੁਹਾਲੀ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਦੀਆਂ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਸਨ। ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਇਸ ਮਾਮਲੇ ਸਬੰਧੀ ਸੁਣਵਾਈ ਹੋਈ।
ਬਚਾਅ ਪੱਖ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਧਰਮਸੋਤ ਤੇ ਦਲਜੀਤ ਗਿਲਜ਼ੀਆਂ ਕਾਫੀ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਹਨ। ਵਿਜੀਲੈਂਸ ਦੀ ਜਾਂਚ ਟੀਮ ਨੇ ਪੁਲਿਸ ਰਿਮਾਂਡ ਦੌਰਾਨ ਲੋੜੀਂਦੀ ਪੁੱਛਗਿਛ ਮੁਕੰਮਲ ਕਰ ਦਿੱਤੀ ਹੈ, ਲਿਹਾਜ਼ਾ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ। ਸਰਕਾਰੀ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਪਰੰਤ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਧਰਮਸੋਤ ਤੇ ਦਲਜੀਤ ਗਿਲਜ਼ੀਆਂ ਦੀ ਰੈਗੂਲਰ ਜ਼ਮਾਨਤ ਸਬੰਧੀ ਦੋਵੇਂ ਅਰਜ਼ੀਆਂ ਖਾਰਜ ਕਰ ਦਿੱਤੀਆਂ।
ਕੇਂਦਰ ਸਰਕਾਰ ਨੇ ਸ਼ਰਧਾਲੂਆਂ ਲਈ ਬਣਾਈਆਂ ਸਰਾਵਾਂ 'ਤੇ ਲਾਇਆ 12 ਫੀਸਦੀ ਜੀਐਸਟੀ, ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ