ਪਠਾਨਕੋਟ ਦੇ ਲਮੀਨੀ ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਦੇਸ਼ ਭਗਤੀ ਦੇ ਜਜ਼ਬੇ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਤੋਂ ਬਾਅਦ ਮੰਤਰੀ ਕਟਾਰੂਚੱਕ ਨੇ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਸਮੇਤ ਵੱਖ-ਵੱਖ ਸੁਰੱਖਿਆ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕਰਦਿਆਂ ਤਿਰੰਗੇ ਨੂੰ ਸਲਾਮੀ ਦਿੱਤੀ।
ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਅਤੇ ਪ੍ਰਭਾਵਸ਼ਾਲੀ ਪੀਟੀ ਸ਼ੋਅ ਪੇਸ਼ ਕੀਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਮੌਜੂਦ ਦਰਸ਼ਕਾਂ ਦਾ ਮਨ ਮੋਹ ਲਿਆ।
550 ਪੁਲਿਸ ਮੁਲਾਜ਼ਮ ਤਾਇਨਾਤ
ਸਮਾਗਮ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਠਾਨਕੋਟ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਸਟੇਡੀਅਮ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਲਗਭਗ 550 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਅਤੇ ਸਖ਼ਤ ਨਿਗਰਾਨੀ ਰੱਖੀ ਗਈ।
ਟ੍ਰੈਫ਼ਿਕ ਲਈ ਰੂਟ ਡਾਇਵਰਟ
ਸਮਾਗਮ ਕਾਰਨ ਸੜਕਾਂ ’ਤੇ ਵਾਹਨਾਂ ਦੀ ਵਧਦੀ ਆਵਾਜਾਈ ਅਤੇ ਜਾਮ ਤੋਂ ਬਚਣ ਲਈ ਟ੍ਰੈਫ਼ਿਕ ਪੁਲਿਸ ਵੱਲੋਂ ਵਿਸ਼ੇਸ਼ ਰੂਟ ਡਾਇਵਰਸ਼ਨ ਪਲਾਨ ਲਾਗੂ ਕੀਤਾ ਗਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫ਼ਿਕ ਪਲਾਨ ਦੀ ਜਾਣਕਾਰੀ ਲੈਣ ਅਤੇ ਨਿਰਧਾਰਿਤ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।
