Khalistan: ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ ਜਿਸ ਤੋਂ ਇਸ ਦਾ ਭਾਰਤ ਵਿੱਚ ਖ਼ਾਸ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਤੇ ਸਿੱਖਾਂ ਨੂੰ ਇਸ ਦੇ ਵਿਰੋਧ ਵਿੱਚ ਖੜ੍ਹੇ ਹੋਣ ਦੀ ਅਪੀਲ ਕੀਤੀ ਹੈ।


ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ਮੈਂ 2 ਜੁਲਾਈ ਨੂੰ ਸੈਨਫਰਾਂਸਿਸਕੋ, ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਗਾਏ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਸਿੱਖਾਂ ਨੂੰ ਜਦੋਂ ਵੀ ਕੋਈ ਔਕੜ ਆਉਂਦੀ ਹੈ ਤਾਂ ਭਾਰਤ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਮੈਂ ਦੁਨੀਆ ਭਰ ਦੇ ਸਿੱਖਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਈਐਸਆਈ ਦੁਆਰਾ ਸਪਾਂਸਰ ਕੀਤੀਆਂ ਗਈਆਂ ਅਜਿਹੀਆਂ ਦਹਿਸ਼ਤੀ ਗਤੀਵਿਧੀਆਂ ਵਿਰੁੱਧ ਇੱਕਜੁੱਟ ਹੋਣ।






ਸਿਰਸਾ ਨੇ ਕਿਹਾ, ਅੰਬੈਸੀ ਲੋਕਾਂ ਦਾ ਫਾਇਦੇ ਵਾਸਤੇ ਹੁੰਦਾ ਪਰ ਕੁਝ ਸਰਾਰਤੀ ਲੋਕ ਇਸ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਆਈਐਸਆਈ ਜੋ ਕਿ ਭਾਰਤ ਤੇ ਸਿੱਖਾਂ ਦੀ ਦੁਸ਼ਮਣ ਹੈ ਉਸ ਦੀ ਪੂਰੀ ਕੋਸ਼ਿਸ਼ ਰਹਿੰਦੀ ਹੈ ਕਿ ਕਿਸੇ ਤਰ੍ਹਾਂ ਮਾਹੌਲ ਖ਼ਰਾਬ ਕੀਤਾ ਜਾਵੇ। ਕੈਨੇਡਾ ਵਿੱਚ ਭਾਰਤ ਦੇ ਕੌਂਸਲੇਟਾਂ ਨੂੰ ਤਸਵੀਰਾਂ ਲਾ ਕੇ ਉਨ੍ਹਾਂ ਨੂੰ ਨਿੱਝਰ ਦਾ ਕਾਤਲ ਦੱਸਿਆ ਜਾ ਰਿਹਾ ਹੈ ਉਹ ਸਰਾਸਰ ਗ਼ਲਤ ਹੈ। ਭਾਰਤ ਨੂੰ ਸਿੱਖਾਂ ਦੀ ਜਾਨਾਂ ਬਚਾਉਣ ਵਾਸਤੇ ਜਾਣਿਆ ਜਾਂਦਾ ਹੈ। ਮੈਂ ਸਿੱਖਾਂ ਨੂੰ ਬੇਨਤੀ ਕਰਦਾਂ ਹਾਂ ਕਿ ਅਜਿਹੇ ਲੋਕਾਂ ਇਕੱਠੇ ਹੋ ਕੇ ਕਾਰਵਾਈ ਕਰਨੀ ਚਾਹੀਦੀ ਹੈ।


ਜ਼ਿਕਰ ਕਰ ਦਈਏ ਕਿ ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਪਰ ਅਮਰੀਕੀ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ। ਪੰਜ ਮਹੀਨਿਆਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਵਿੱਚ ਇਸ ਦੂਤਘਰ ਦਾ ਘਿਰਾਓ ਕੀਤਾ ਸੀ।


ਖਾਲਿਸਤਾਨੀ ਸਮਰਥਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇਸ 'ਚ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਗਿਆ। ਹਾਲਾਂਕਿ ਇਸ 'ਚ ਭਾਰਤੀ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ। ਅੱਗ 'ਤੇ ਕੁਝ ਹੀ ਸਮੇਂ 'ਚ ਕਾਬੂ ਪਾ ਲਿਆ ਗਿਆ।