Resume E-visa services to Canadians: ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਸ਼ਾਂਤ ਹੋਣ ਲੱਗਾ ਹੈ। ਭਾਰਤ ਨੇ ਦੋ ਮਹੀਨਿਆਂ ਮਗਰੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਂਝ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਪਰ ਸੂਤਰਾਂ ਅਨੁਸਾਰ ਭਾਰਤ ਕੈਨੇਡੀਅਨ ਨਾਗਰਿਕਾਂ ਨੂੰ ਰਾਹਤ ਦਿੱਤੀ ਹੈ।



ਐਨਡੀਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਪੇਸ਼ ਕੀਤੀ ਹੈ ਕਿ ਭਾਰਤ ਨੇ ਬੁੱਧਵਾਰ ਨੂੰ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਇਸ ਨਾਲ ਪੰਜਾਬੀ ਮੂਲ ਦੇ ਕੈਨੇਡੀਅਨ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ। 


ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ੇ ਨਾ ਦੇਣ ਕਰਕੇ ਸਭ ਤੋਂ ਵੱਧ ਅਸਰ ਪੰਜਾਬੀਆਂ ਉਪਰ ਪਿਆ ਸੀ। ਬਹੁਤ ਸਾਰੇ ਕੈਨੇਡੀਅਨ ਨਾਗਰਿਕਾਂ ਦੀ ਜਾਇਦਾਦ ਤੇ ਰਿਸ਼ਤੇਦਾਰੀਆਂ ਪੰਜਾਬ ਅੰਦਰ ਹਨ। ਇਸ ਲਈ ਉਨ੍ਹਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਸੀ। ਪੰਜਾਬ ਦੇ ਸਿਆਸਤਦਾਨਾਂ ਨੇ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਵੀਜ਼ੇ ਸ਼ੁਰੂ ਕੀਤੇ ਜਾਣ। 


ਦੱਸ ਦਈਏ ਕਿ ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਬਾਰੇ ਕੈਨੇਡਾ ਦੇ ਦਾਅਵਿਆਂ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਸੀ। ਇਸ ਕੂਟਨੀਤਕ ਵਿਵਾਦ ਵਿਚਾਲੇ 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸੀ।


ਦਰਅਸਲ ਕੈਨੇਡਾ ਵਿੱਚ ਜੂਨ ਮਹੀਨੇ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਇਸ ਪਿੱਛੇ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ। ਉਧਰ, ਭਾਰਤ ਸਰਕਾਰ ਨੇ ਇਸ ਨੂੰ "ਬੇਤੁਕੇ" ਤੇ "ਪ੍ਰੇਰਿਤ" ਦੋਸ਼ ਕਰਾਰ ਦਿੰਦਿਆਂ, ਇਸ ਗੱਲ ਤੋਂ ਇਨਕਾਰ ਕੀਤਾ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।