India vs Canada: ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਇਸਦੀ ਚਰਚਾ ਛਿੜ ਗਈ ਹੈ। ਇਸ ਨੂੰ ਲੈ ਕੇ ਵੱਖੋ-ਵੱਖ ਲੀਡਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਕੈਨੇਡਾ ਦੀ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਨੂੰ ਭਾਰਤੀ ਸਰਕਾਰ ਦੇ ਏਜੰਟਾਂ ਵੱਲੋਂ ਕੈਨੇਡਾ ਦੀ ਧਰਤੀ ਉੱਤੇ ਕੈਨੇਡਾ ਦੇ ਵਸਨੀਕ ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਪਤਾ ਲੱਗਾ ਹੈ ਸਾਰੇ ਕੈਨੇਡਾ ਦੇ ਨਾਗਰਿਕਾਂ ਲਈ, ਇਹ ਮੇਰੀ ਸੌਂਹ ਹੈ, ਮੈ ਨਿਆਂ ਪ੍ਰਾਪਤੀ ਲਈ ਕੋਈ ਕਸਰ ਨਹੀਂ ਛੱਡਾਂਗਾ, ਜਿਸ ਵਿੱਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਵਾਬਦੇਹੀ ਵੀ ਸ਼ਾਮਲ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਖਾਤੇ ਉੱਤੇ ਲਿਖਿਆ ਗਿਆ ਹੈ ਕਿ ਸਿਮਰਨਜੀਤ ਸਿੰਘ ਨੇ ਜਿਸ ਗੱਲ ਬਾਰੇ ਡਰ ਜ਼ਾਹਿਰ ਕੀਤਾ ਅਤੇ ਭਾਰਤੀ ਸੰਸਦ ਵਿੱਚ ਜਿਸ ਮੁੱਦੇ ਨੂੰ ਚੁੱਕਿਆ ਸੀ, ਉਸ ਬਾਰੇ ਹੁਣ ਆਖ਼ਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡੀਅਨ ਖ਼ੁਫੀਆ ਏਜੰਸੀਆਂ ਦਾ ਇਹ ਮੰਨਣਾ ਹੈ ਕਿ ਭਾਰਤੀ ਸਟੇਟ ਹਰਦੀਪ ਸਿੰਘ ਨਿੱਝਰ ਦੇ ਗੈਰ-ਕਾਨੂੰਨੀ ਕਤਲ ਵਿੱਚ ਸ਼ਾਮਲ ਸੀ।
ਜ਼ਿਕਰ ਕਰ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਦੇ ਹਾਊਸ ਆਫ ਕਾਮਨਜ਼ ਵਿੱਚ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਬਿਆਨ ਦਿੱਤਾ ਹੈ । ਜਸਟਿਨ ਟਰੂਡੋ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਜੂਨ ਮਹੀਨੇ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਸੀ। ਕੈਨੇਡੀਅਨ ਏਜੰਸੀਆਂ ਇਸ ਦੀ ਜਾਂਚ ਕਰ ਰਹੀਆਂ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੇ ਗਏ ਬਿਆਨ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਪੱਛਮੀ ਕੈਨੇਡਾ ਦੇ ਸੂਬੇ ਸਰੀ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਲਗਾਤਾਰ ਇਸ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਦੱਸਿਆ ਜਾ ਰਿਹਾ ਸੀ।