ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਲਈ ਮਹੀਨੇ ਦੇ ਅੰਦਰ-ਅੰਦਰ ਯੋਜਨਾ ਬਣਾਉਣ ਦੇ ਨਿਰਦੇਸ਼
ਅੱਜ ਹੁਸ਼ਿਆਰਪੁਰ ਸ਼ਹਿਰ ਅਤੇ ਇਸ ਜ਼ਿਲ੍ਹੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ-ਅੰਦਰ ਯੋਜਨਾ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਚੰਡੀਗੜ੍ਹ: ਸੂਬੇ ਦੇ ਹਰ ਘਰ ਨੂੰ ਟੂਟੀ ਵਾਲਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਪੁਲਾਂਘ ਪੁੱਟਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਸ਼ਹਿਰ ਅਤੇ ਇਸ ਜ਼ਿਲ੍ਹੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ-ਅੰਦਰ ਯੋਜਨਾ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।ਉਹ ਇਥੇ ਆਪਣੇ ਦਫ਼ਤਰ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਸਤਾਵਿਤ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਤਾਲਮੇਲ ਨਾਲ ਕੰਮ ਕਰਨ ਲਈ ਆਖਦਿਆਂ ਜਿੰਪਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨੂਰਪੁਰ ਬੇਦੀ ਨੇੜੇ ਸਤਲੁਜ ਦਰਿਆ ਤੋਂ ਟੈਪਿੰਗ ਪੁਆਇੰਟ ਨੂੰ ਅੰਤਿਮ ਰੂਪ ਦੇਣ ਦੀ ਹਦਾਇਤ ਕੀਤੀ। ਇਹ ਪ੍ਰਸਤਾਵਿਤ ਪ੍ਰਾਜੈਕਟ ਹੁਸ਼ਿਆਰਪੁਰ ਸ਼ਹਿਰ ਅਤੇ ਗੜ੍ਹਸ਼ੰਕਰ ਤੇ ਮਾਹਿਲਪੁਰ ਬਲਾਕਾਂ ਤੋਂ ਇਲਾਵਾ ਕੰਢੀ/ਬੀਤ ਖੇਤਰ ਦੇ 350 ਪਿੰਡਾਂ ਨੂੰ ਪੀਣਯੋਗ ਸਤਹੀ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ।
ਕੈਬਨਿਟ ਮੰਤਰੀ ਨੇ ਸੂਬੇ ਵਿੱਚ ਚੱਲ ਰਹੇ 15 ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪ੍ਰਾਜੈਕਟਾਂ ਦੇ ਇਨਟੇਕ ਢਾਂਚੇ ਨੂੰ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਅੱਗੇ ਦੱਸਿਆ ਕਿ ਇਹ 15 ਪ੍ਰਾਜੈਕਟ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਤਲਵਾੜਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਲਗਭਗ 1700 ਪਿੰਡਾਂ ਨੂੰ ਕਵਰ ਕਰਨਗੇ।
ਜਿੰਪਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਬਣਾਏ ਜਾ ਰਹੇ 59 ਐਸ.ਟੀ.ਪੀਜ਼. ਵਿੱਚ ਨੇੜਲੇ ਪਿੰਡਾਂ ਦੇ ਗੰਦੇ ਪਾਣੀ ਨੂੰ ਸੋਧਣ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਲੋੜਾਂ ਬਾਰੇ ਯਤਨ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਵਿਪੁਲ ਉਜਵਲ, ਡਾਇਰੈਕਟਰ ਸਥਾਨਕ ਸਰਕਾਰ ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਵਰਿੰਦਰ ਕੁਮਾਰ ਸ਼ਰਮਾ, ਚੀਫ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੁਲਦੀਪ ਸਿੰਘ ਸੈਣੀ ਅਤੇ ਮੁੱਖ ਇੰਜਨੀਅਰ (ਹੈੱਡਕੁਆਰਟਰ) ਜਲ ਸਰੋਤ ਈਸ਼ਵਰ ਦਾਸ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।