Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।


ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ।


ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।


ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।


ਇਹ ਵੀ ਪੜ੍ਹੋ: Punjab News : ਮਾਨ ਸਰਕਾਰ ਵੱਲੋਂ ਪਾਸ ਕੀਤੇ ਦੋ ਬਿੱਲ ਰਾਜਪਾਲ ਕੋਲ ਪਹੁੰਚੇ, ਕੀ ਵਿਵਾਦਤ ਬਿੱਲ 'ਤੇ ਵੀ ਲਾਉਣਗੇ ਮੋਹਰ ?


ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ 'ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।


ਇਹ ਵੀ ਪੜ੍ਹੋ: ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਡੱਡੂਮਾਜਰਾ 'ਚ ਕੂੜੇ ਦਾ ਢੇਰ, ਕਾਂਗਰਸ ਅਤੇ ਭਾਜਪਾ ਨੇ ਇਸ ਨੂੰ ਸਾਫ ਕਰਨ ਦੇ ਨਾਂ 'ਤੇ ਕੀਤਾ ਕਰੋੜਾਂ ਰੁਪਏ ਦਾ ਗਬਨ : ਕੰਗ