ਪਟਨਾ : ਸ਼੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਅੱਜ ਤੋਂ 24 ਸਤੰਬਰ ਤੱਕ ਪਟਨਾ ਸਾਹਿਬ ਵਿੱਚ ਕੌਮਾਂਤਰੀ ਸਿੱਖ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਧਾਰਮਿਕ, ਸਿਆਸੀ, ਸਮਾਜਿਕ, ਸੱਭਿਆਚਾਰਕ ਅਤੇ ਖੇਡ ਜਗਤ ਦੀਆਂ 200 ਦੇ ਕਰੀਬ ਸਿੱਖ ਸਖ਼ਸ਼ੀਅਤਾਂ ਸ਼ਾਮਲ ਹੋਈਆਂ। ਸੰਮੇਲਨ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਹੋਰ ਉੱਘੀਆਂ ਸਖਸ਼ੀਅਤਾਂ ਸ਼ਾਮਲ ਹੋਈਆਂ।
ਸੰਮੇਲਨ ਵਿੱਚ ਪੰਜਾਬ, ਮਹਾਰਾਸ਼ਟਰ, ਰਾਜਸਥਾਨ, ਉੱਤਰਾਖੰਡ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਤਿਲੰਗਾਨਾ ਤੋਂ ਇਲਾਵਾ ਅਮਰੀਕਾ, ਕੈਨੇਡਾ, ਇੰਗਲੈਂਡ, ਮਲੇਸ਼ੀਆ, ਨਿਊਜ਼ੀਲੈਂਡ ਤੇ ਮਿਆਂਮਾਰ ਤੋਂ ਸਿੱਖ ਵਿਦਵਾਨ ਪੁੱਜੇ ਹਨ, ਜੋ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਮਹਾਨ ਜੀਵਨ ਬਾਰੇ ਆਪਣੇ ਵਿਚਾਰ ਰੱਖ ਰਹੇ ਹਨ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਖਿਆ ਹੈ ਕਿ ਰਾਜ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰੀਆਂ ਆਰੰਭੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਆਪਣਾ ਸਮੁੱਚਾ ਜੀਵਨ ਅਤੇ ਪਰਿਵਾਰ ਮਾਨਵਤਾ ਲਈ ਕੁਰਬਾਨ ਕਰ ਦਿੱਤਾ ਅਤੇ ਉਨ੍ਹਾਂ ਦਾ ਪ੍ਰਕਾਸ਼ ਪੁਰਬ ਮਨਾਉਣਾ ਗੌਰਵਮਈ ਹੈ।