Punjab News: ਸ਼੍ਰੋਮਣੀ ਅਕਾਲੀ ਦਲ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਨੇ ਆਖ਼ਰੀ ਸਾਹ ਲਏ ਹਨ। ਇਸ ਤੋਂ ਬਾਅਦ ਸਿਆਸੀ ਲੀਡਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸੁਖਦੇਵ ਸਿੰਘ ਢੀਂਡਸਾ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਬੇਹੱਦ ਦੁੱਖਦਾਈ ਹੈ। ਅਸੀਂ ਛੇ ਦਹਾਕਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਦੀ ਸੇਵਾ ਕਰਨ ਵਾਲੇ ਇੱਕ ਮਹਾਨ ਆਗੂ ਨੂੰ ਗੁਆ ਦਿੱਤਾ ਹੈ।
ਉਨ੍ਹਾਂ ਨੇ ਕੇਂਦਰੀ ਮੰਤਰੀ ਵਜੋਂ ਸੇਵਾ ਕਰਨ ਤੋਂ ਇਲਾਵਾ ਰਾਜ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਬਹੁਤ ਜ਼ਿਆਦਾ ਅਤੇ ਸਕਾਰਾਤਮਕ ਯੋਗਦਾਨ ਪਾਇਆ। ਉਹ ਸ਼ਾਇਦ ਰਾਜ ਦੇ ਆਖਰੀ ਮਹਾਨ ਪ੍ਰਤੀਕਾਂ ਵਿੱਚੋਂ ਇੱਕ ਸਨ ਜੋ ਪੰਜਾਬ ਦੇ ਘਟਨਾਪੂਰਨ ਇਤਿਹਾਸ ਦੇ ਗਵਾਹ ਸਨ। ਉਨ੍ਹਾਂ ਦੇ ਜਾਣ ਨਾਲ ਪਏ ਘਾਟੇ ਨੂੰ ਭਰਨਾ ਪੰਜਾਬ ਲਈ ਬੇਹੱਦ ਮੁਸ਼ਕਲ ਹੋਵੇਗਾ। ਪਰਮਾਤਮਾ ਉਹਨਾਂ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
ਸੁਖਦੇਵ ਸਿੰਘ ਢੀਂਡਸਾ ਦਾ ਸਿਆਸੀ ਸਫ਼ਰ
ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਉਭਾਵਲ ਪਿੰਡ 'ਚ ਹੋਇਆ ਸੀ। ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਵਿਦਿਆਰਥੀ ਜੀਵਨ ਤੋਂ ਸ਼ੁਰੂ ਕੀਤੀ, ਜਿੱਥੇ ਉਹ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿੱਚ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਰਹੇ। ਉਨ੍ਹਾਂ ਨੇ ਆਪਣੇ ਪਿੰਡ ਦੇ ਸਰਪੰਚ ਵਜੋਂ ਚੋਣ ਜਿੱਤ ਕੇ ਸਿਆਸਤ ਵਿੱਚ ਕਦਮ ਰੱਖਿਆ ਅਤੇ ਬਾਅਦ 'ਚ ਬਲਾਕ ਸਮਿਤੀ ਸੰਗਰੂਰ ਦੇ ਚੇਅਰਮੈਨ ਬਣੇ।
ਉਨ੍ਹਾਂ ਨੇ 1972 ਵਿੱਚ ਧਨੌਲਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਜਿੱਤੀ। ਬਾਅਦ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। 1977 ਵਿੱਚ ਸੁਨਾਮ ਹਲਕੇ ਤੋਂ ਵਿਧਾਇਕ ਚੁਣੇ ਗਏ ਅਤੇ ਪੰਜਾਬ ਸਰਕਾਰ ਵਿੱਚ ਟਰਾਂਸਪੋਰਟ, ਖੇਡਾਂ, ਸੈਰ-ਸਪਾਟਾ, ਸੱਭਿਆਚਾਰ ਅਤੇ ਨਾਗਰਿਕ ਹਵਾਈ ਯਾਤਰਾ ਮੰਤਰੀ ਵਜੋਂ ਸੇਵਾ ਨਿਭਾਈ।
ਸੁਖਦੇਵ ਸਿੰਘ ਢੀਂਡਸਾ ਨੇ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਈ। 2000 ਤੋਂ 2004 ਤੱਕ ਉਨ੍ਹਾਂ ਨੇ ਅਟਲ ਬਿਹਾਰੀ ਵਾਜਪਈ ਦੀ ਤੀਜੀ ਸਰਕਾਰ ਵਿੱਚ ਖੇਡ ਮੰਤਰੀ ਵਜੋਂ ਕੰਮ ਕੀਤਾ।2019 ਵਿੱਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸੁਖਦੇਵ ਸਿੰਘ ਢੀਂਡਸਾ ਨੂੰ ਸਨਮਾਨਿਤ ਕੀਤਾ ਗਿਆ ਪਰ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਇਹ ਸਨਮਾਨ ਵਾਪਸ ਕਰ ਦਿੱਤਾ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਸਥਾਪਨਾ ਕੀਤੀ ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਮਿਲ ਗਈ। 2024 ਵਿੱਚ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਲਾ ਦਿੱਤਾ ਸੀ।