Punjab News: ਪੰਜਾਬ ਸਰਕਾਰ ਸੂਬੇ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਖੁਲਾਸਾ ਕੀਤਾ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਭਾਵਨਾ ਤੇ ਕਾਰਜਪ੍ਰਣਾਲੀ ਬਾਰੇ ਘੋਖ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 



ਦੂਜੇ ਪਾਸੇ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਲਈ ਕੰਮ ਕਰਨਾ ਸੌਖਾ ਨਹੀਂ। ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਨਾਲ ਸੂਬਾ ਸਰਕਾਰ ’ਤੇ 10 ਹਜ਼ਾਰ ਕਰੋੜ ਰੁਪਏ ਸਾਲਾਨਾ ਦਾ ਬੋਝ ਵਧੇਗਾ। ਪੰਜਾਬ ਸਰਕਾਰ ਪਹਿਲਾਂ ਹੀ ਕਰਜ਼ ਹੇਠ ਦੱਬੀ ਹੋਈ ਹੈ। ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮੁਫ਼ਤ ਕਰਨ ਦੇ ਫੈਸਲੇ ਨਾਲ ਖਜ਼ਾਨੇ ’ਤੇ ਵਿੱਤੀ ਬੋਝ ਵਧਿਆ ਹੈ। ਪੰਜਾਬ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਅਜਿਹੇ ਹਾਲਾਤ ਵਿੱਚ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਜਾਂ ਹੋਰਨਾਂ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕਰਨੀ ਪਵੇਗੀ।



ਦੱਸ ਦਈਏ ਕਿ ਸਾਲ 2004 ਤੋਂ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਕੇ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸਮੇਂ-ਸਮੇਂ ’ਤੇ ਸੂਬਾ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੀਆਂ ਆਈਆਂ ਹਨ। ਮੁਲਾਜ਼ਮ ਜਥੇਬੰਦੀਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਜੇਕਰ ਕਾਂਗਰਸ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਤਾਂ ਉਨ੍ਹਾਂ ਨੂੰ ਚੋਣਾਂ ’ਚ ਖਾਮਿਆਜ਼ਾ ਭੁਗਤਣਾ ਪਵੇਗਾ। ਇਸੇ ਰੋਹ ਦੇ ਚਲਦਿਆਂ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਤੇ ਆਮ ਆਦਮੀ ਪਾਰਟੀ ਬੇਮਿਸਾਲ ਜਿੱਤ ਨਾਲ ਸੱਤਾ ਵਿੱਚ ਆਈ। 



ਯਾਦ ਰਹੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਮੁਲਾਜ਼ਮ ਪੱਖੀ ਕਈ ਵੱਡੇ ਕਦਮ ਚੁੱਕੇ ਹਨ। ਸੂਬੇ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਲਿਆਂਦੀ ਗਈ ਹੈ। ਇਸੇ ਤਰ੍ਹਾਂ ਸਰਕਾਰ ਨੇ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ, ਉਥੇ ਸਟਾਫ਼ ਦੀ ਘਾਟ ਦੂਰ ਹੋਣ ਨਾਲ ਵਿਭਾਗਾਂ ਦੀ ਕਾਰਗੁਜ਼ਾਰੀ ਵਿੱਚ ਵੀ ਸੁਧਾਰ ਹੋ ਸਕੇ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮਾਂ ਪੱਖੀ ਹੋਰ ਕਈ ਫ਼ੈਸਲੇ ਲਏ ਜਾਣਗੇ।