(Source: ECI/ABP News/ABP Majha)
ਸ੍ਰੀ ਦਰਬਾਰ ਸਾਹਿਬ ’ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ 'ਤੇ ਛਿੜਿਆ ਵਿਵਾਦ, ਸ਼੍ਰੋਮਣੀ ਕਮੇਟੀ ਕਰੇਗੀ ਸਖ਼ਤ ਕਾਰਵਾਈ
ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾ ਕੇ ਆਉਣ ਤੇ ਫੋਟੋਆਂ ਖਿਚਵਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾ ਕੇ ਆਉਣ ਤੇ ਫੋਟੋਆਂ ਖਿਚਵਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਜਾਂਚ 'ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਉਕਤ ਨੌਜਵਾਨ ਦਾ ਮਕਸਦ ਸਿਰਫ ਤਸਵੀਰ ਖਿਚਵਾਉਣਾ ਸੀ ਤੇ ਅਜਿਹਾ ਯੋਜਨਾਬੰਦੀ ਨਾਲ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਧਾਮੀ ਨੇ ਆਖਿਆ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਅਜਿਹੇ ਵਿਅਕਤੀ ਦੀ ਤਸਵੀਰ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣਾ ਸਿੱਖਾਂ ਨੂੰ ਚਿੜ੍ਹਾਉਣ ਵਾਲੀ ਕਾਰਵਾਈ ਹੈ।
ਹਾਸਲ ਜਾਣਕਾਰੀ ਮੁਤਾਬਕ ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ,ਜਦੋਂ ਅੱਜ ਇਸ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾਈ ਹੋਈ ਆਪਣੀ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਕਤ ਵਿਅਕਤੀ ਦੀ ਪਛਾਣ ਅੰਮ੍ਰਿਤਸਰ ਵਾਸੀ ਕਰਮਜੀਤ ਸਿੰਘ ਗਿੱਲ ਵਜੋਂ ਹੋਈ ਹੈ, ਜੋ ਕਾਂਗਰਸ ਪਾਰਟੀ ਦਾ ਨੁਮਾਇੰਦਾ ਹੈ।
ਐਸਜੀਪੀਸੀ ਦੀ ਸ਼ੁਰੂਆਤੀ ਜਾਂਚ ਵਿੱਚ ਸਾਫ਼ ਹੋਇਆ ਹੈ ਕਿ ਟੀ-ਸ਼ਰਟ ਪਾ ਕੇ ਫੋਟੋ ਖਿਚਵਾਉਣ ਵਾਲਾ ਕਰਮਜੀਤ ਆਪਣੇ ਸੁਰੱਖਿਆ ਮੁਲਾਜ਼ਮਾਂ ਸਮੇਤ ਹਰਿਮੰਦਰ ਸਾਹਿਬ ਪਹੁੰਚਿਆ ਸੀ। ਉਹ ਸਰੋਵਰ ਵਿੱਚ ਇਸ਼ਨਾਨ ਕਰਨ ਲੱਗਾ ਅਤੇ ਜਦੋਂ ਹਰਿਮੰਦਰ ਸਾਹਿਬ ਦੇ ਸੇਵਾਦਾਰ ਉੱਥੋਂ ਚਲੇ ਗਏ ਤਾਂ ਉਨ੍ਹਾਂ ਨੇ ਤੁਰੰਤ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਤਸਵੀਰ ਖਿਚਵਾਈ। ਜਿਸ ਤੋਂ ਬਾਅਦ ਕਰਮਜੀਤ ਨੇ ਤੁਰੰਤ ਟੀ-ਸ਼ਰਟ ਦੇ ਉੱਪਰ ਕਮੀਜ਼ ਪਾ ਕੇ ਇਸ ਨੂੰ ਛੁਪਾ ਲਿਆ।
ਉਨ੍ਹਾਂ ਅੱਗੇ ਕਿਹਾ ਕਿ ਸੀਸੀਟੀਵੀ ਕੈਮਰੇ ਦੀ ਰਿਕਾਡਿੰਗ ਮੁਤਾਬਕ ਇਹ ਵਿਅਕਤੀ ਆਟਾ ਮੰਡੀ ਬਾਹੀ ਤੋਂ ਪਰਕਰਮਾ ਵਿਚ ਦਾਖ਼ਲ ਹੋਇਆ ਤੇ ਫੋਟੋ ਖਿਚਵਾਉਣ ਮਗਰੋਂ ਬਿਨਾ ਮੱਥਾ ਟੇਕਿਆਂ ਵਾਪਸ ਚਲਾ ਗਿਆ। ਇਸ ਤੋਂ ਸਪੱਸ਼ਟ ਹੈ ਕਿ ਇਹ ਵਿਅਕਤੀ ਜਾਣ-ਬੁੱਝ ਕੇ ਕੋਈ ਹਰਕਤ ਕਰਨ ਲਈ ਆਇਆ ਸੀ, ਨਾ ਕਿ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ।